ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਮਾਛੀਵਾੜਾ ਅਨਾਜ ਮੰਡੀ ਵਿਖੇ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਮਿਲਣ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਨਜ਼ਰ ਆਏ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਪਿਛਲੀ ਸਰਕਾਰ ਵਾਂਗ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਕਟੋਤੀ ਕਰਨੀ ਚਾਹੀਦੀ ਹੈ। ਜਿਵੇਂ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹਿੰਦੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਫਿਰ ਕੇਂਦਰ ਨੇ ਪੈਟਰੋਲੀਅਮ ਪਦਾਰਥਾਂ ਦੇ ਰੇਟ ਬੇਤਹਾਸ਼ਾ ਵਧਾ ਦਿੱਤੇ ਹਨ। ‘ਆਪ’ ਸਰਕਾਰ ਨੂੰ ਇਨ੍ਹਾਂ ਦੇ ਰੇਟਾਂ ਨੂੰ ਘਟਾ ਕਿਸਾਨਾਂ ਨੂੰ ਵੱਡੀ ਰਾਹਤ ਦੇਣੀ ਚਾਹੀਦੀ ਹੈ ।
ਇਸ ਦੇ ਨਾਲ ਹੀ ਉਨ੍ਹਾਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਵੀ ਵਿੰਨ੍ਹੇ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਪਰਟੀ ਵੱਲੋਂ ਵੱਡੇ-ਵੱਡੇ ਦਮਗਜ਼ੇ ਮਾਰੇ ਗਏ ਸੀ ਕਿ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਵਾਂਗੇ ਅਤੇ ਹੁਣ ਚਿੜ੍ਹੇ ਜਿੱਡੇ ਮੂੰਹ ਨਿਕਲਿਆ ਪਿਆ ਤੇ ਚੁਟਕਲੇ ਭੁੱਲੇ ਪਏ ਹਨ। ਲੋਕਾਂ ਨੂੰ ਮੁਫ਼ਤ ਬਿਜਲੀ ਤਾਂ ਕੀ ਮਿਲਣੀ ਸੀ ਸਗੋਂ 8-8 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ਬਿਜਲੀ ਦੀ ਜ਼ਰੂਰਤ 8 ਹਜ਼ਾਰ ਮੈਗਾਵਾਟ ਹੈ ਅਤੇ ਜਦੋਂ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ ਇਹ 15 ਹਜ਼ਾਰ ਮੈਗਾਵਾਟ ਤੱਕ ਪਹੁੰਚ ਜਾਣੀ ਹੈ ਫਿਰ ਉਸ ਮੁੱਦੇ ’ਤੇ ਬੋਲ ਕੇ ਸਰਕਾਰ ਦੇ ਕੁੰਡੇ ਖੋਲ੍ਹੇ ਜਾਣਗੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ 2000 ਰੁਪਏ ਪ੍ਰਤੀ ਕੁਇੰਟਲ ਕਣਕ ਖਰੀਦ ਕੇ ਅੰਤਰਰਾਸ਼ਟਰੀ ਪੱਧਰ ’ਤੇ 3500 ਰੁਪਏ ਕੁਇੰਟਲ ਵੇਚ ਰਹੀ ਹੈ। ਇਸ ਲਈ ਕਿਸਾਨਾਂ ਨੂੰ ਘੱਟੋ ਘੱਟ 500 ਰੁਪਏ ਮੁਆਵਜ਼ਾ ਜ਼ਰੂਰ ਦਿੱਤਾ ਜਾਵੇ। ਸਿੱਧੂ ਨੇ ਕਿਹਾ ਕਿ ਯੂਕ੍ਰੇਨ-ਰੂਸ ਵਿਚਕਾਰ ਲੜਾਈ ਦੌਰਾਨ ਪਹਿਲਾਂ ਹੀ ਅੰਤਰਰਾਸ਼ਟਰੀ ਪੱਧਰ ’ਤੇ 25 ਫੀਸਦੀ ਕਣਕ ਘੱਟ ਗਈ ਹੈ, ਜਿਸ ਕਾਰਨ ਇਸ ਦੀ ਜ਼ਰੂਰਤ ਵਧ ਗਈ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਕਣਕ ਅੰਤਰਰਾਸ਼ਟਰੀ ਪੱਧਰ ’ਤੇ 2200 ਰੁਪਏ ਕੁਇੰਟਲ ਵਿਕਦੀ ਸੀ ਜੋ ਹੁਣ 3500 ਰੁਪਏ ਕੁਇੰਟਲ ’ਤੇ ਪਹੁੰਚ ਗਈ ਹੈ। ਪ੍ਰਾਈਵੇਟ ਕਾਰਪੋਰੇਟ ਘਰਾਣੇ ਸਮਰਥਨ ਮੁੱਲ ਨਾਲੋਂ 200 ਰੁਪਏ ਪ੍ਰਤੀ ਕੁਇੰਟਲ ਮਹਿੰਗੀ ਖਰੀਦ ਕੇ ਅੱਗੇ 1300 ਰੁਪਏ ਦਾ ਮੁਨਾਫ਼ਾ ਕਮਾ ਰਹੇ ਹਨ। ਸਿੱਧੂ ਨੇ ਕਿਸਾਨਾਂ ਦੇ ਹੱਕ ’ਚ ਅਵਾਜ਼ ਉਠਾਉਂਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਕਿਸਾਨਾਂ ਦੇ ਫ਼ਸਲ ’ਚੋਂ ਕਮਾਏ ਮੁਨਾਫ਼ੇ ’ਚੋਂ ਘੱਟੋ ਘੱਟ 500 ਰੁਪਏ ਪ੍ਰਤੀ ਕੁਇੰਟਲ ਦੇ ਹੱਕਦਾਰ ਤਾਂ ਹਨ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਫ਼ਸਲਾਂ ਦੇ ਸਮਰਥਨ ਮੁੱਲ ਵਿਚ 5 ਰੁਪਏ ਮੁੱਲ ਦਾ ਵਾਧਾ ਕਰ ਕਿਸਾਨਾਂ ਤੋਂ ਡੀਜ਼ਲ, ਖਾਦਾਂ ਤੇ ਕੀਟਨਾਸ਼ਕ ਦਵਾਈਆਂ ਦੇ ਰੇਟ ਵਧਾ ਕੇ 50 ਰੁਪਏ ਵਾਪਸ ਲੈ ਰਹੀ ਹੈ, ਜੋ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਧੱਕਾ ਹੈ।