ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ।
ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ ‘ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ।
[[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ-
ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ।
ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।
ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ।
ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ।