ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 11 ਮੈਂਬਰੀ ਕਮੇਟੀ ਦਾ ਵਫਦ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੀਤਾ ਗਿਆ ਹੈ। ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀਆਂ ਰਿਹਾਈਆਂ ਨੂੰ ਲੈ ਕੇ ਅੱਜ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਹੋਈ। ਇਸ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ 11 ਮੈਂਬਰੀ ਕਮੇਟੀ ਦੇ ਵਫਦ ਵਲੋਂ ਆਉਂਦੇ 15 ਦਿਨਾਂ ਦੇ ਅੰਦਰ-ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ 11 ਮੈਂਬਰੀ ਕਮੇਟੀ ਦੇ ਵਫਦ ਵਲੋਂ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਸਾਰੀ ਜਾਣਕਾਰੀ ਅਤੇ ਉਨ੍ਹਾਂ ਦਾ ਪੂਰਾ ਵੇਰਵਾ ਇਕੱਠਾ ਕਰਨ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਸ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਦਿੱਲੀ ਸਿੱਖ ਗੁ: ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਤੇ ਪ੍ਰਧਾਨ ਅਵਤਾਰ ਸਿੰਘ ਹਿਤ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਸਿਮਰਨਜੀਤ ਸਿੰਘ ਮਾਨ ਹਰਿਆਣਾ ਕਮੇਟੀ ਦੇ ਪ੍ਰਧਾਨ ਤੇ ਤਤਕਾਲੀ ਮੁਤਵਾਜੀ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਤੇ ਪ੍ਰਧਾਨ ਅਵਤਾਰ ਸਿੰਘ ਹਿਤ ਸ਼ਾਮਲ ਹੋਏ ਹਨ।