ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਕਿਸਾਨਾਂ ਦਾ ਗਠਜੋੜ ਹੋ ਸਕਦਾ ਹੈ, ਪਰੰਤੂ ਜੇਕਰ ਇਹ ਗੱਲ ਸਿਰ੍ਹੇ ਨਹੀਂ ਲਗਦੀ ਤਾਂ 22 ਕਿਸਾਨ ਜਥੇਬੰਦੀਆਂ ਮਿਲ ਕੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਣਗੀਆਂ। ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਸੰਯੁਕਤ ਸਮਾਜ ਮੋਰਚਾ ਵਿੱਚ ਫੁੱਟ ਪੈ ਗਈ ਹੈ। ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਕੋਲ 60 ਦੇ ਕਰੀਬ ਉਮੀਦਵਾਰਾਂ ਦੀ ਸੂਚੀ ਤਿਆਰ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਤਾਂ ਇਸ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਨੂੰ ਕਦੇ ਵੀ ਮੁੱਖ ਮੰਤਰੀ ਦਾ ਚਿਹਰਾ ਨਹੀਂ ਕਿਹਾ, ਰਾਜਨੀਤੀ ਤੋਂ ਹੁਣ ਲੋਕਾਂ ਦਾ ਵਿਸ਼ਵਾਸ ਉੱਠ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੇ ਮੁੱਖ ਆਗੂਆਂ ਵਿਚੋਂ ਇੱਕ ਬਲਬੀਰ ਸਿੰਘ ਰਾਜੇਵਾਲ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰਾ ਬਣਾਏ ਜਾਣ ਦੀਆਂ ਚਰਚਾਵਾਂ ਵੀ ਸਨ। ਜਿਸ ਨੂੰ ਉਨ੍ਹਾਂ ਨੇ ਸਿਰੇ ਤੋਂ ਖਾਰਿਜ ਕੀਤਾ ਹੈ।