ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣੀ ਹੋਈ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਲੰਬਿਤ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ ‘ਤੇ ਸਹਿਮਤੀ ਬਣ ਗਈ ਹੈ ਅਤੇ ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਮੀਟਿੰਗ ਕੀਤੀ ਜਾਵੇਗੀ।
ਇਹ ਮੀਟਿੰਗ ਦੁਪਹਿਰ 12 ਵਜੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਹੋਣੀ ਹੈ। ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਉਨ੍ਹਾਂ ਦੇ ਘਰਾਂ ਨੂੰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਐਸਕੇਐਮ ਦੇ ਸੂਤਰਾਂ ਨੇ ਕਿਹਾ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ ‘ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨਾਂ ਦਾ ਅੰਦੋਲਨ ਤੁਰੰਤ ਬੰਦ ਕਰ ਦਿੱਤਾ ਜਾਵੇਗਾ।