ਦੇਸ਼ ਦੀਆਂ 12 ਮੁੱਖ ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਜਾਰੀ ਕਿਸਾਨਾਂ ਦੇ ਅੰਦੋਲਨ ਦੇ 6 ਮਹੀਨੇ ਮੁਕੰਮਲ ਹੋਣ ’ਤੇ 26 ਮਈ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਦੇਸ਼ ਪੱਧਰੀ ਪ੍ਰਦਰਸ਼ਨ ਦੇ ਸੱਦੇ ਨੂੰ ਆਪਣੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ।ਇਨ੍ਹਾਂ 12 ਵੱਡੀਆਂ ਸਿਆਸੀ ਪਾਰਟੀਆਂ ਨੇ ਸਾਂਝਾ ਬਿਆਨ ਜਾਰੀ ਕਰਕੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਕਿਸਾਨ ਯੂਨੀਅਨਾਂ ਵੱਲੋਂ 26 ਮਈ ਨੂੰ ‘ਕਾਲੇ ਦਿਵਸ’ ਵਜੋਂ ਮਨਾਉਣ ਦੇ ਦਿੱਤੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਬਿਆਨ ’ਤੇ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ, ਸ਼ਰਦ ਪਵਾਰ, ਮਮਤਾ ਬੈਨਰਜੀ, ਊਧਵ ਠਾਕਰੇ, ਐਮਕੇ ਸਟਾਲਿਨ, ਹੇਮੰਤ ਸੋਰੇਨ, ਫ਼ਾਰੂਕ ਅਬਦੁੱਲਾ, ਅਖਿਲੇਸ਼ ਯਾਦਵ, ਤੇਜਸਵੀ ਯਾਦਵ, ਡੀ. ਰਾਜਾ ਤੇ ਸੀਤਾਰਾਮ ਯੇਚੁਰੀ ਨੇ ਦਸਤਖਤ ਕੀਤੇ ਹਨ। ਇਨਹਾਂ ਪਾਰਟੀਆਂ ਵੱਲੋਂ ਜਾਰੀ ਸਾਂਝੇ ਬਿਆਨ ’ਚ ਕਿਹਾ ਗਿਆ ਹੈ ਕਿ ਅਸੀਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਆਪਣੀ ਹਮਾਇਤ ਦਿੰਦੇ ਹਾਂ। ਕੇਂਦਰ ਸਰਕਾਰ ਨੂੰ ਅੜੀਅਲ ਰੱਵੀਆ ਛੱਡ ਕੇ ਕਿਸਾਨੀ ਮੁੱਦਿਆਂ ’ਤੇ ਸੰਯੁਕਤ ਕਿਸਾਨ ਮੋਰਚੇ ਨਾਲ ਮੁੜ ਤੋਂ ਗੱਲਬਾਤ ਕਰਨੀ ਚਾਹੀਦੀ ਹੈ।ਬਿਆਨ ’ਚ ਕਿਹਾ ਗਿਆ ਹੈ ਕਿ ਅਸੀਂ 12 ਮਈ ਨੂੰ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਮਹਾਮਾਰੀ ਦਾ ਸ਼ਿਕਾਰ ਬਣ ਰਹੇ, ਲੱਖਾਂ ਕਿਸਾਨਾਂ ਨੂੰ ਬਚਾਉਣ ਲਈ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣ ਤਾਂ ਜੋ ਉਹ ਆਪਣੀ ਫਸਲਾਂ ਉਗਾ ਕੇ ਦੇਸ਼ ਦੇ ਲੋਕਾਂ ਦਾ ਪੇਟ ਭਰ ਸਕਣ। ਉਥੇ ਇਨਹਾਂ 12 ਪਾਰਟੀਆਂ ਦੇ ਨਾਲ ਨਾਲ 26 ਮਈ ਨੂੰ ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ “ਸੰਯੁਕਤ ਕਿਸਾਨ ਮੋਰਚਾ” ਵੱਲੋਂ ਦਿੱਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦੇ ਸੱਦੇ ਦਾ ਆਮ ਆਦਮੀ ਪਾਰਟੀ ਨੇ ਵੀ ਪੁਰਜ਼ੋਰ ਸਮਰਥਨ ਕੀਤਾ।