ਪੰਜਾਬ ਵਿਧਾਨ ਸਭਾ ਦੀ ਕਮੇਟੀ ਨੇ ਕਿਸਾਨੀ ਅੰਦੋਲਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਦੇ ਨਾਲ ਮੁਲਾਕਾਤ ਕੀਤੀ ਹੈ। ਪੁਲਿਸ ਦੇ ਤਸ਼ੱਦਦ ਵਿੱਚ ਜ਼ਖਮੀ ਹੋਏ ਕਿਸਾਨਾਂ ਦੇ ਬਿਆਨ ਵੀ ਦਰਜ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਕਰੀਬ 14 ਜ਼ਖਮੀ ਕਿਸਾਨਾਂ ਦੇ ਬਿਆਨ ਦਰਜ ਕੀਤੇ ਗਏ ਹਨ। ਕਿਸਾਨਾਂ ਦੇ ਬਿਆਨ ਦਰਜ ਕਰਕੇ ਵਿਧਾਨ ਸਭਾ ਵਿੱਚ ਰਿਪੋਰਟ ਦਿੱਤੀ ਜਾਵੇਗੀ’।
ਉਨ੍ਹਾਂ ਕਿਹਾ ਕਿ ‘ਅਸੀਂ ਸਾਰੇ ਪੰਜਾਬ ਦਾ ਗੇੜਾ ਕੱਢ ਕੇ ਕਿਸਾਨਾਂ ਦੇ ਨਾਲ ਮੁਲਾਕਾਤਾਂ ਕਰਾਂਗੇ। ਇਸ ਤੋਂ ਪਹਿਲਾਂ ਅਸੀਂ ਦੋ ਮੀਟਿੰਗਾਂ ਕਰਕੇ ਸਾਰਾ ਡਾਟਾ ਇਕੱਠਾ ਕੀਤਾ ਹੈ ਅਤੇ ਹੁਣ ਅਸੀਂ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਾਂ। ਹਾਲੇ ਤੱਕ ਸਾਡੇ ਕੋਲ 70 ਕੇਸ ਪਹੁੰਚੇ ਹਨ, ਬਾਕੀ ਕਿਸਾਨਾਂ ਦੇ ਵੀ ਬਿਆਨ ਅਸੀਂ ਜਲਦ ਦਰਜ ਕਰਵਾਉਣ ਦੀ ਕੋਸ਼ਿਸ਼ ਕਰਾਂਗੇ’।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਵਿੱਚ ਕਾਂਗਰਸ ਵਿਧਾਇਕ ਕੁਲਦੀਪ ਸਿੰਘ ਵੈਦ, ਕੁਲਦੀਪ ਸਿੰਘ ਜ਼ੀਰਾ, ਫਤਿਹਜੰਗ ਬਾਜਵਾ, ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸ਼ਾਮਿਲ ਹਨ।