ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਕਾਂਗਰਸ (Congress) ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਸੋਮਵਾਰ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਮੁੜ ਧਰਮਸੋਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜੰਗਲਾਤ ਵਿਭਾਗ ਦੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਧਰਮਸੋਤ ਇਸ ਸਮੇਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ ਨੇ ਉਸ ਤੋਂ ਦੂਰੀ ਬਣਾ ਲਈ ਹੈ। ਪੰਜਾਬ ਕਾਂਗਰਸ ਦਾ ਕੋਈ ਵੀ ਆਗੂ ਉਨ੍ਹਾਂ ਨੂੰ ਮਿਲਣ ਲਈ ਜੇਲ੍ਹ ਨਹੀਂ ਗਿਆ। ਕੁਝ ਦਿਨ ਪਹਿਲਾਂ ਜਦੋਂ ਕਾਂਗਰਸ ਨੇ ਮੁੱਖ ਮੰਤਰੀ ਨਿਵਾਸ ਦੇ ਅੰਦਰ ਪ੍ਰਦਰਸ਼ਨ ਕੀਤਾ ਤਾਂ ਆਮ ਆਦਮੀ ਪਾਰਟੀ ਨੇ ਇਸ ਮੁੱਦੇ ‘ਤੇ ਕਾਂਗਰਸ ਨੂੰ ਘੇਰਿਆ।
ਰੁੱਖਾਂ ਦੀ ਕਟਾਈ ‘ਚ ਰਿਸ਼ਵਤਖੋਰੀ ਦਾ ਦੋਸ਼
ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਧਰਮਸੋਤ ਸੂਬੇ ਦੇ ਜੰਗਲਾਤ ਮੰਤਰੀ ਸਨ। ਉਸ ‘ਤੇ ਪਰਮਿਟ ਦੇ ਬਾਵਜੂਦ ਦਰੱਖਤ ਕੱਟਣ ‘ਤੇ 500 ਰੁਪਏ ਕਮਿਸ਼ਨ ਲੈਣ ਦਾ ਦੋਸ਼ ਹੈ। ਉਸ ਦੀ 1.25 ਕਰੋੜ ਰੁਪਏ ਦੀ ਰਿਸ਼ਵਤਖੋਰੀ ਦਾ ਪਰਦਾਫਾਸ਼ ਹੋਇਆ। ਜਿਸ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਅਮਲੋਹ ਸਥਿਤ ਉਸ ਦੇ ਘਰ ਤੋਂ ਤੜਕੇ 3 ਵਜੇ ਗ੍ਰਿਫਤਾਰ ਕਰ ਲਿਆ। ਇਸ ਤੋਂ ਬਾਅਦ ਧਰਮਸੋਤ ਦੀਆਂ ਜਾਇਦਾਦਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।