ਸੂਬੇ ’ਚ ਕੱਲ੍ਹ ਯਾਨੀ 6 ਜੂਨ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ 4 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਕਾਨੂੰਨ ਵਿਵਸਥਾ ਨੂੰ ਦੇਖਦਿਆਂ ਅਹਿਮ ਫ਼ੈਸਲਾ ਲਿਆ ਗਿਆ ਹੈ। ਮੁਹਾਲੀ, ਅੰਮ੍ਰਿਤਸਰ, ਲੁਧਿਆਣਾ ਤੇ ਮੋਗਾ ’ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਮੁਹਾਲੀ ਅਤੇ ਲੁਧਿਆਣਾ ’ਚ 144 ਧਾਰਾ 31 ਜੁਲਾਈ ਤੱਕ ਲਾਗੂ ਕਰ ਦਿੱਤੀ ਗਈ ਹੈ, ਜਦਕਿ ਮੋਗਾ ’ਚ ਇਸ ਦੀ ਮਿਆਦ 30 ਜੂਨ ਤੱਕ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਕੁਝ ਜਥੇਬੰਦੀਆਂ ਨੇ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ, ਧਰਨੇ ਅਤੇ ਸਮਾਰੋਹ ਕਰਨ ਦੀ ਯੋਜਨਾ ਬਣਾਈ ਸੀ। ਇਸ ਕਾਰਨ ਲੋਕਾਂ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ। ਇਸ ਦੇ ਨਾਲ ਹੀ ਸਰਕਾਰੀ, ਗੈਰ-ਸਰਕਾਰੀ ਜਾਇਦਾਦ ਦਾ ਵੀ ਨੁਕਸਾਨ ਹੋਣ ਅਤੇ ਅਮਨ-ਕਾਨੂੰਨ ਦੇ ਵਿਗੜਨ ਦਾ ਵੀ ਡਰ ਬਣਿਆ ਹੋਇਆ ਹੈ। ਇਨ੍ਹਾਂ ਸਾਰੇ ਕਾਰਨਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਡੀ. ਸੀ. ਸੁਰਭੀ ਮਲਿਕ ਨੇ ਜ਼ਿਲ੍ਹੇ ’ਚ ਧਾਰਾ 144 ਲਾਗੂ ਕਰ ਦਿੱਤੀ ਹੈ।
ਹੁਕਮਾਂ ਤਹਿਤ ਜ਼ਿਲ੍ਹੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਧਾਰਾ 144 ਲਾਗੂ ਹੋਣ ਦਾ ਮੁੱਖ ਕਾਰਨ ਘੱਲੂਘਾਰੇ ਦੀ ਬਰਸੀ ਦੱਸਿਆ ਜਾ ਰਿਹਾ ਹੈ। ਉਥੇ ਹੀ ਕਾਊਂਟਰ ਇੰਟੈਲੀਜੈਂਸ ਦੀ ਸੀ. ਆਈ. ਡੀ. ਦੀ ਰਿਪੋਰਟ ਹੈ ਕਿ ਸਰਕਾਰੀ ਇਮਾਰਤਾਂ ’ਤੇ ਹਮਲੇ ਦਾ ਡਰ ਹੈ। ਇਸ ਕਾਰਨ ਸ਼ਹਿਰ ਦੀ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੁੰਡਾ ਅਨਸਰਾਂ ਅਤੇ ਗੈਂਗਸਟਰਾਂ ਵੱਲੋਂ ਪਹਿਲਾਂ ਹੀ ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਘੱਲੂਘਾਰਾ ਦਿਵਸ ਨੂੰ ਲੈ ਕੇ ਵੀ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਹੀਂ ਉਠਾਉਣਾ ਚਾਹੁੰਦੀ, ਇਸ ਲਈ ਪੰਜਾਬ ਸਰਕਾਰ ਨੇ ਅਹਿਤਿਆਤ ਵਜੋਂ ਉਪਰੋਕਤ ਫ਼ੈਸਲਾ ਲਿਆ ਹੈ।