ਕੇਰਲ ਵਿੱਚ ਭਾਰੀ ਮੀਂਹ ਲੋਕਾਂ ਲਈ ਘਾਤਕ ਸਿੱਧ ਹੋਇਆ ਹੈ। ਕਈ ਸ਼ਹਿਰਾਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਤੋਂ ਵੱਧ ਲੋਕ ਲਾਪਤਾ ਹਨ। ਬਚਾਅ ਲਈ ਫੌਜ ਤਾਇਨਾਤ ਕੀਤੀ ਗਈ ਹੈ। ਭਾਰੀ ਬਾਰਿਸ਼ ਦੇ ਮੱਦੇਨਜ਼ਰ, ਪਠਾਨਾਮਥਿੱਟਾ, ਕੋੱਟਯਾਮ, ਏਰਨਾਕੁਲਮ, ਇਡੁੱਕੀ, ਤ੍ਰਿਸ਼ੂਰ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਜਦੋਂ ਕਿ ਤਿਰੂਵਨੰਤਪੁਰਮ, ਕੋਲਮ, ਅਲਾਪੁਝਾ, ਪਲੱਕੜ, ਮਲੱਪੁਰਮ, ਕੋਝੀਕੋਡ ਅਤੇ ਵਾਇਨਾਡ ਜ਼ਿਲਿਆਂ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਗਈ ਹੈ। ਰਾਜ ਵਿੱਚ ਭਾਰੀ ਮੀਂਹ ਬਾਰੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਲੋਕਾਂ ਨੂੰ ਬਾਰਿਸ਼ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ। ਰਾਜ ਭਰ ਵਿੱਚ 105 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਹੋਰ ਕੈਂਪ ਸ਼ੁਰੂ ਕਰਨ ਦੇ ਪ੍ਰਬੰਧ ਕੀਤੇ ਗਏ ਹਨ।