ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿੱਚ ਆਕਸੀਜਨ ਸਪਲਾਈ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕਰੋਨਾ ਮਹਾਮਾਰੀ ਦੀ ਤੀਜੀ ਲਹਿਰ ਦਾ ਖਤਰਾ ਮੰਡਰਾ ਰਿਹਾ ਹੈ ਜਿਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਦੀ ਮੰਗ ਵੱਧ ਸਕਦੀ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਸੂਚਨਾ ਅਨੁਸਾਰ ਦੇਸ਼ ਵਿੱਚ 1500 ਨਵੇਂ ਆਕਸੀਜਨ ਪਲਾਂਟ ਲਗਾਏ ਜਾਣਗੇ। ਇਸੇ ਤਰ੍ਹਾਂ ਹਸਪਤਾਲਾਂ ਵਿੱਚ ਆਕਸੀਜਨ ਸਹੂਲਤ ਵਾਲੇ ਬੈੱਡਾਂ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚੋਂ ਆਰਥਿਕ ਮਦਦ ਕੀਤੀ ਜਾਵੇਗੀ। ਕੇਂਦਰੀ ਸਹਾਇਤਾ ਨਾਲ ਸਥਾਪਤ ਕੀਤੇ ਜਾਣ ਵਾਲੇ ਆਕਸੀਜਨ ਪਲਾਂਟਾਂ ਨਾਲ ਹਸਪਤਾਲਾਂ ਦੇ 4 ਲੱਖ ਬੈੱਡਾਂ ਨੂੰ ਆਕਸੀਜਨ ਸਪਲਾਈ ਯਕੀਨੀ ਬਣਾਈ ਜਾਵੇਗੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਦੇਸ਼ ਵਿੱਚ ਆਕਸੀਜਨ ਪਲਾਂਟ ਸੁਚਾਰੂ ਰੂਪ ਨਾਲ ਚੱਲਣ।