ਦੇਸ਼ ਵਿੱਚ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਰਫਤਾਰ ਫੜ ਲਈ ਹੈ। ਦੇਸ਼ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ ਪਰ ਬੀਤੇ ਦਿਨੀਂ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਕੋਰੋਨਾ ਦੇ 136 ਮਾਮਲੇ ਸਾਹਮਣੇ ਆਏ।
ਜਾਣਕਾਰੀ ਅਨੁਸਾਰ 28 ਦਸੰਬਰ ਨੂੰ ਬਿਹਾਰ ‘ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਸਾਲਾਨਾ ਪ੍ਰੋਗਰਾਮ ਹੋਇਆ ਸੀ, ਜਿਸ ‘ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸ਼ਿਰਕਤ ਕੀਤੀ ਸੀ ਅਤੇ ਇਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਨਾਲੰਦਾ ਮੈਡੀਕਲ ਕਾਲਜ ਅਤੇ ਹਸਪਤਾਲ ਦੇ 17 ਡਾਕਟਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਨਾਲੰਦਾ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਮੈਡੀਕਲ ਐਸੋਸੀਏਸ਼ਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ 17 ਡਾਕਟਰਾਂ ਦਾ ਐਂਟੀਜੇਨ ਟੈਸਟ ਪਾਜ਼ੇਟਿਵ ਆਇਆ ਹੈ, ਜਿਸ ਤੋਂ ਬਾਅਦ ਸਾਰੇ ਡਾਕਟਰਾਂ ਦਾ ਆਰ.ਟੀ. ਪੀ.ਸੀ.ਆਰ. ਟੈਸਟ ਕੀਤਾ ਗਿਆ ਹੈ, ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਜ਼ਿਕਰਯੋਗ ਹੈ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਧਿਕਾਰਤ ਘੋਸ਼ਣਾ ਕੀਤੀ ਸੀ ਕਿ ਬਿਹਾਰ ਵਿੱਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ। 31 ਦਸੰਬਰ ਨੂੰ ਪਟਨਾ ਵਿੱਚ 136 ਮਾਮਲੇ ਦਰਜ ਕੀਤੇ ਗਏ ਸਨ, ਗਯਾ ਵਿੱਚ 70 ਅਤੇ ਮੁੰਗੇਰ ਵਿੱਚ 10 ਮਾਮਲੇ ਦਰਜ ਕੀਤੇ ਗਏ ਸਨ।