ਸੂਬਾ ਸਰਕਾਰ ਨੇ ਮੰਡੀਆਂ ਵਿਚ ਪੁੱਜੇ 184 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ। ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨਾ ਖਰੀਦ ਕੇ ਮਹਿਜ਼ ਚਾਰ ਘੰਟੇ ਮਗਰੋਂ ਅਦਾਇਗੀ ਕਿਸਾਨਾਂ ਨੂੰ ਕੀਤੀ ਹੈ।
ਅੱਜ ਇੱਥੇ ਅਨਾਜ ਭਵਨ ਵਿਖੇ ਝੋਨੇ ਦੇ ਖਰੀਦ ਸੀਜ਼ਨ ਸਬੰਧੀ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 1806 ਰਿਵਾਇਤੀ ਖਰੀਦ ਕੇਂਦਰ ਅਤੇ 583 ਜਨਤਕ ਥਾਵਾਂ ਤੋਂ ਇਲਾਵਾ 37 ਰਾਈਸ ਮਿੱਲਾਂ ਨੂੰ ਆਰਜ਼ੀ ਖਰੀਦ ਕੇਂਦਰ ਐਲਾਨ ਕੇ ਅਲਾਟਮੈਂਟ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਔਕੜ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੇ ਕਿਸਾਨਾਂ ਨੂੰ ਹੁਣ ਤੱਕ 34263.40 ਕਰੋੜ ਰੁਪਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਬੰਦ ਕੀਤੀ ਜਾ ਚੁੱਕੀ ਹੈ ਅਤੇ ਕੁਝ ਕੁ ਸਥਾਨਾਂ ‘ਤੇ ਰਹਿੰਦੀ ਖਰੀਦ ਪ੍ਰਕਿਰਿਆ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ।
ਕਟਾਰੂਚੱਕ ਨੇ ਵਿਭਾਗ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਦੂਜੇ ਰਾਜਾਂ ਦਾ ਝੋਨਾ ਬਿਲਕੁੱਲ ਨਹੀਂ ਆਉਣ ਦਿੱਤਾ ਗਿਆ। ਸਰਕਾਰ ਵੱਲੋਂ ਉਲੀਕੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਵੱਲੋਂ ਸ਼ਲਾਘਾ ਕੀਤੀ ਗਈ ਹੈ ਅਤੇ ਸੂਬੇ ਨੂੰ ਇਹ ਜਾਣਕਾਰੀ ਦੂਜੇ ਸੂਬਿਆਂ ਨਾਲ ਵੀ ਸਾਂਝੀ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਡਾਇਰੈਕਟਰ ਘਣਸ਼ਿਆਮ ਥੋਰੀ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h