ਕੋਰੋਨਾ ਦੀ ਸਥਿਤੀ ਨੂੰ ਦੇਖਦੇ ਮੋਹਾਲੀ ਪ੍ਰਸ਼ਾਸਨ ਦੇ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ 31 ਅਗਸਤ ਤੱਕ ਕੁਝ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਮੁਕੰਮਲ ਟੀਕਾਕਰਨ ਅਤੇ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ’ਤੇ ਲਾਗੂ ਹੋਵੇਗਾ, ਜੋ ਹਵਾਈ ਜਹਾਜ਼ ਰਾਹੀਂ ਸੂਬੇ ਵਿਚ ਦਾਖ਼ਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿਚ ਕੋਈ ਵੀ ਨਾ ਹੋਣ ’ਤੇ ਉਸ ਵਿਅਕਤੀ ਦਾ ਆਰ. ਏ. ਟੀ. (ਰੈਪਿਡ ਐਂਟੀਜਨ ਟੈਸਟ) ਜ਼ਰੂਰੀ ਹੋਵੇਗਾ, ਭਾਵੇਂ ਕਿ ਉਹ ਹਾਲ ਹੀ ਵਿਚ ਕੋਵਿਡ ਤੋਂ ਠੀਕ ਹੋਇਆ ਹੋਵੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਕੱਠ ਦੀ 50 ਫ਼ੀਸਦੀ ਦੀ ਉੱਚਤਮ ਸਮਰੱਥਾ ਦੇ ਨਾਲ ਇਨਡੋਰ 150 ਅਤੇ ਆਊਟਡੋਰ 300 ਤੋਂ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਇਸ ਤਰ੍ਹਾਂ ਦੇ ਸਮਾਰੋਹ ਵਿਚ ਕਲਾਕਾਰ, ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕਾਲ ਨਾਲ ਇਜਾਜ਼ਤ ਦਿੱਤੀ ਜਾਵੇਗੀ।
ਇਹ ਥਾਵਾਂ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੀਆਂ
ਉਨ੍ਹਾਂ ਕਿਹਾ ਕਿ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ੀਅਮ, ਚਿੜੀਆਘਰ ਆਦਿ ਨੂੰ ਆਪਣੀ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ, ਭਾਵੇਂ ਕਿ ਹਾਜ਼ਰ ਸਟਾਫ਼ ਦਾ ਮੁਕੰਮਲ ਟੀਕਾਕਰਨ ਹੋਵੇ ਜਾਂ ਉਹ ਹਾਲ ਹੀ ਵਿਚ ਕੋਵਿਡ ਤੋਂ ਠੀਕ ਹੋਇਆ ਹੋਵੇ।
ਉਨ੍ਹਾਂ ਕਿਹਾ ਕਿ ਤੈਰਾਕੀ, ਖੇਡ ਅਤੇ ਜਿੰਮ ਜਾਣ ਵਾਲੇ ਸਾਰੇ ਲੋਕ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਘੱਟੋ-ਘੱਟ ਕੋਵਿਡ-19 ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਵੇ। ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉੱਚ ਸਿੱਖਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਿਰਫ਼ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਜਾਂ ਹਾਲ ਹੀ ਵਿਚ ਕੋਵਿਡ ਤੋਂ ਠੀਕ ਹੋਏ ਹਨ, ਇਨ੍ਹਾਂ ਸੰਸਥਾਵਾਂ ਵਿਚ ਨਿੱਜੀ ਤੌਰ ’ਤੇ ਪੜ੍ਹਾਉਣਗੇ ਅਤੇ ਸਾਰੇ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਦਾ ਬਦਲ ਵੀ ਉਪਲੱਬਧ ਰਹੇਗਾ।
ਉਨ੍ਹਾਂ 0.2 ਫ਼ੀਸਦੀ ਤੋਂ ਉੱਪਰ ਪਾਜ਼ਟੇਵਿਟੀ ਦਰ ਵਾਲੇ ਸ਼ਹਿਰਾਂ ਨੂੰ ਸਥਿਤੀ ਵਿਚ ਸੁਧਾਰ ਹੋਣ ਤੱਕ ਚੌਥੀ ਜਮਾਤ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਨਿੱਜੀ ਤੌਰ ’ਤੇ ਪੜ੍ਹਾਈ ਬੰਦ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਾਲਜਾਂ, ਕੋਚਿੰਗ ਸੈਂਟਰਾਂ, ਉੱਚ ਵਿਦਿਅਕ ਸੰਸਥਾਵਾਂ, ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦਾ ਟੀਕਾਕਰਨ ਕਰਵਾਉਣ ਲਈ ਪਹਿਲ ਦੇ ਨਾਲ-ਨਾਲ ਵਿਸ਼ੇਸ਼ ਕੈਂਪ ਲਾਏ ਜਾਣਗੇ, ਤਾਂ ਜੋ ਸਾਰਿਆਂ ਨੂੰ ਇਸ ਮਹੀਨੇ ਕੋਵਿਡ ਦੀ ਪਹਿਲੀ ਡੋਜ਼ ਤੋਂ ਕਵਰ ਕੀਤਾ ਜਾ ਸਕੇ। ਦੂਜੀ ਡੋਜ਼ ਦੌਰਾਨ ਵੀ ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਤੁਰੰਤ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।