ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ 3 ਤੋਂ 5 ਜੂਨ ਤੱਕ ਦਰਸ਼ਨ ਕਰਵਾਏ ਜਾਣਗੇ।
ਇਹ ਫ਼ੈਸਲਾ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ’ਚ ਲਿਆ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਹ ਉਹ ਰਿਸਦਾ ਜ਼ਖ਼ਮ ਹੈ, ਜੋ 37 ਸਾਲ ਬਾਅਦ ਵੀ ਪੀੜਾਮਈ ਹੈ। ਇਸ ਘੱਲੂਘਾਰੇ ਨਾਲ ਜੁੜੀਆਂ ਮੌਜੂਦ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਅਪਣੀ ਕੌਮ ’ਤੇ ਹੋਏ ਜ਼ੁਲਮਾਂ ਨੂੰ ਯਾਦ ਰੱਖ ਸਕਣ।