ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਮੁਜਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਿਮਾਇਤ ਦਾ ਐਲਾਨ ਕਰਦੇ ਹੋਏ ਸ਼ੁੱਕਰਵਾਰ ਨੂੰ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਇਸ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਗਰੀਬ ਪੱਖੀ ਸੋਚ ਵੱਲ ਇਕ ਸ਼ਰਧਾਂਜਲੀ ਦੱਸਿਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਕਰਜ਼ੇ 31 ਜੁਲਾਈ, 2017 ਨੂੰ ਉਨਾਂ ਦੇ ਸਹਿਕਾਰੀ ਕਰਜ਼ਿਆਂ ’ਤੇ ਬਣਦੀ ਅਸਲ ਰਕਮ ਅਤੇ 6 ਮਾਰਚ, 2019 ਤੱਕ ਉਪਰੋਕਤ ਰਕਮ ’ਤੇ ਸਾਲਾਨਾ 7 ਫੀਸਦੀ ਆਮ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਹ ਧਿਆਨ ਦੇਣ ਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ 5.85 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 4700 ਕਰੋੜ ਰੁਪਏ ਦੇ ਕਰਜੇ (2 ਲੱਖ ਰੁਪਏ ਪ੍ਰਤੀ ਤੱਕ ਦੇ ਫਸਲੀ ਕਰਜੇ) ਮੁਆਫ ਕਰ ਦਿੱਤੇ ਸਨ।
ਇਸ ਨੁਕਤੇ ਵੱਲ ਧਿਆਨ ਦਿਵਾਉਂਦੇ ਹੋਏ ਕਿ ਤਕਰੀਬਨ 400 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਦੇ ਅਜਿਹੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਮਦਦ ਦੇ ਰਹੀ ਹੈ ਜਿਨਾਂ ਦਾ ਰੁਜ਼ਗਾਰ ਖੁੱਸ ਗਿਆ ਹੈ। ਇਸ ਤੋਂ ਇਲਾਵਾ ਉਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ 200 ਨੂੰ ਤਾਂ ਨਿਯੁਕਤੀ ਪੱਤਰ ਮਿਲ ਵੀ ਚੁੱਕੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਅਤੇ ਬਾਜ਼ਾਰ ਪ੍ਰਣਾਲੀ ਅਤੇ ਦੇਸ਼ ਹਿੱਤ ਵਿੱਚ ਕਿਸਾਨਾਂ ਅਤੇ ਆੜਤੀਆਂ ਦੇ ਸਦੀਆਂ ਪੁਰਾਣੇ ਸਬੰਧਾਂ ਦੀ ਰਾਖੀ ਕਰਨੀ ਚਾਹੀਦੀ ਹੈ।