ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ‘ਆਪ’ਦੀ ਸਰਕਾਰ ਆਉਣ ’ਤੇ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੇਮੌਸਮੀ ਬਰਸਾਤ ਹੋਣ ’ਤੇ ਦਿੱਲੀ ਵਿਖੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਉਨ੍ਹਾਂ ਨੂੰ ਅੱਜ ਮੁਆਵਜ਼ੇ ਵਜੋਂ ਚੈੱਕ ਦਿੱਤੇ ਗਏ ਹਨ। ਮਾਨ ਨੇ ਕਿਹਾ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਦਿੱਲੀ ਵਾਂਗ ਪੰਜਾਬ ਦੇ ਕਿਸਾਨਾਂ ਨੂੰ ਵੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।
ਕਾਂਗਰਸ ਵਲੋਂ ਮੁੱਖ ਮੰਤਰੀ ਚਿਹਰੇ ਦਾ ਫ਼ੈਸਲਾ ਕਰਨ ਲਈ ਇਕ ਐਪ ਬਣਾਏ ਜਾਣ ‘ਤੇ ਭਗਵੰਤ ਮਾਨ ਵੱਲੋਂ ਤੰਜ ਕਸਦਿਆਂ ਵਧਾਈ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਨੂੰ ਵਧਾਈ ਦਿੰਦਾ ਹਾਂ ਕਿ ਉਹ ਸਾਡੀ ਨਕਲ ਕਰਦਿਆਂ ਮੁੱਖ ਮੰਤਰੀ ਦੇ ਚਿਹਰੇ ਲਈ ਵੋਟਿੰਗ ਕਰਵਾ ਰਹੇ ਹਨ। ਨਵਜੋਤ ਸਿੱਧੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਲਈ ਮੁੱਖ ਮੰਤਰੀ ਬਣਨਾ ਜ਼ਰੂਰੀ ਨਹੀਂ ਹੁੰਦਾ। ਪੰਜਾਬ ਦੀ ਸੇਵਾ ਬਿਨਾਂ ਕਿਸੇ ਅਹੁਦੇ ਤੋਂ ਵੀ ਕੀਤੀ ਜਾ ਸਕਦੀ ਹੈ।
ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਸੀਟਾਂ ’ਤੇ ਚੋਣ ਲੜਨ ’ਤੇ ਨਿਸ਼ਾਨਾ ਸਾਦਧਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਪਹਿਲੀ ਸੀਟ ਤੋਂ ਹਾਰ ਜਾਣ ਦਾ ਡਰ ਸਤਾ ਰਿਹਾ ਹੈ ਇਸ ਲਈ ਉਹ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਭਦੌੜ ਦੇ ਲੋਕਾਂ ਨੂੰ ਮੈਂ ਜਾਣਦਾ ਹਾਂ ਇਨ੍ਹਾਂ 10-10 ਕਰੋੜ ਵਾਲਿਆਂ ਤੋਂ ਭਦੌੜ ਵਾਲੇ ਹਿਸਾਬ ਜ਼ਰੂਰ ਲੈਣਗੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ਜ਼ਪਤ ਹੋ ਜਾਣਗੀਆਂ।