ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਦੌੜ ਵਿੱਚ ਭਾਜਪਾ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਦੀ ਪਾਰਟੀ ਇਕੱਠਿਆਂ ਚੋਣਾਂ ਲੜਨ ਲਈ ਤਿਆਰ ਹਨ। ਅੱਜ ਦਿੱਲੀ ਵਿੱਚ ਅਮਿਤ ਸ਼ਾਹ ਦੇ ਘਰ ਹੋਈ ਮੀਟਿੰਗ ਵਿੱਚ ਇਸ ਗਠਜੋੜ ਨੂੰ ਰਸਮੀ ਤੌਰ ’ਤੇ ਅੰਤਿਮ ਰੂਪ ਦਿੱਤਾ ਗਿਆ। ਯਾਨੀ ਕਿ ਹੁਣ ਭਾਰਤੀ ਜਨਤਾ ਪਾਰਟੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਚੋਣਾਂ ਲੜੇਗੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੀਟਿੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਸੀਟ ਵੰਡ ਸਬੰਧੀ ਅਗਲੇ ਹਫ਼ਤੇ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਾਡੀ ਮੀਟਿੰਗ ਹੋਈ, ਤਿੰਨੋਂ ਪਾਰਟੀਆਂ ਦੇ ਲੋਕ ਹਾਜ਼ਰ ਸਨ, ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ, ਕੈਪਟਨ ਅਮਰਿੰਦਰ ਸਿੰਘ ਅਤੇ ਮੈਂ ਹਾਜ਼ਰ ਸੀ। ਇਸ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਤਿੰਨੋਂ ਪਾਰਟੀਆਂ ਮਿਲ ਕੇ ਚੋਣਾਂ ਲੜਨਗੀਆਂ। ਭਲਕੇ ਤੱਕ ਕਿਸੇ ਵੀ ਧਿਰ ਵੱਲੋਂ ਦੋ-ਦੋ ਵਿਅਕਤੀਆਂ ਦੇ ਨਾਂ ਦਿੱਤੇ ਜਾਣਗੇ। ਇਸ ਦੇ ਲਈ ਸੀਟ ਵੰਡ ਨੂੰ ਲੈ ਕੇ ਅਗਲੇ ਹਫ਼ਤੇ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ।
ਢੀਂਡਸਾ ਨੇ ਅੱਗੇ ਕਿਹਾ ਕਿ ਸਾਡੀ ਪਾਰਟੀ 30 ਤੋਂ 35 ਸੀਟਾਂ ‘ਤੇ ਚੋਣ ਲੜਨਾ ਚਾਹੁੰਦੀ ਹੈ, ਮੀਟਿੰਗ ‘ਚ ਫੈਸਲਾ ਕੀਤਾ ਗਿਆ ਕਿ ਜੇਤੂ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ। ਮੇਰੀ ਭਵਿੱਖਬਾਣੀ ਹੈ ਕਿ ਜਿਸ ਤਰ੍ਹਾਂ ਚੰਡੀਗੜ੍ਹ ਵਿੱਚ ਕਿਸੇ ਨੂੰ ਬਹੁਮਤ ਨਹੀਂ ਮਿਲਿਆ, ਉਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੋਈ ਵੀ ਪਾਰਟੀ ਸਰਕਾਰ ਨਹੀਂ ਬਣਾ ਸਕੇਗੀ।