ਪੰਜਾਬ ਦੇ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਬਲਾਕ ਲੁਧਿਆਣਾ-2 ਅਧੀਨ ਪੈਂਦੇ ਗ੍ਰਾਮ ਪੰਚਾਇਤ ਭੂਪਾਨਾ ਦੀ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਹੈ। ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗ੍ਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਸੂਬੇ ਦੇ ਲੋਕਾਂ ਲਈ ਵਾਤਾਵਰਨ ਦਾ ਸਾਫ਼ ਸੁਥਰਾ ਮਾਹੌਲ ਸਿਰਜਿਆ ਜਾਵੇਗਾ।
BDPO ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਦੀ ਸ਼ਾਮਲਾਟ ਜ਼ਮੀਨ ਦੀ ਕਰੀਬ 23 ਏਕੜ 4 ਕਨਾਲ 10 ਮਰਲੇ ਜ਼ਮੀਨ ਨੂੰ ਕਬਜ਼ੇ ਤੋਂ ਛੁਡਵਾਇਆ ਗਿਆ ਹੈ। ਬਲਬੀਰ ਸਿੰਘ ਤੋਂ 16 ਏਕੜ 4 ਮਰਲੇ ਜ਼ਮੀਨ ਅਤੇ ਨਿਰਮਲ ਸਿੰਘ ਤੋਂ 7 ਏਕੜ 4 ਕਨਾਲ 6 ਮਰਲੇ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਛੁਡਵਾਈ ਗਈ ਹੈ।
ਮਾਂਗਟ ਨੇ ਦੱਸਿਆ ਕਿ ਇਸ ਸਮੁੱਚੀ ਕਾਰਵਾਈ ਵਿੱਚ ਪੰਚਾਇਤ ਸਕੱਤਰ ਹਰਜੀਤ ਸਿੰਘ ਮਲਹੋਤਰਾ ਅਤੇ ਪਿੰਡ ਦੀ ਸਰਪੰਚ ਗੁਰਮੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਲਾਬੜਾ ਦੀ 2 ਏਕੜ 4 ਕਨਾਲ, ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਪੰਚਾਇਤ ਹਿਆਤਪੁਰ ਦੀ 2 ਏਕੜ 5 ਮਰਲੇ ਅਤੇ ਸੈਸੋਵਾਲ ਕਲਾਂ ਦੀ 8 ਏਕੜ 1 ਕਨਾਲ 19 ਮਰਲੇ ਜ਼ਮੀਨ ਸ਼ਾਮਲ ਹੈ।
ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ (DDPO) ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਆਦਮੀ ਨੂੰ ਭੂ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟਰਾਂਸਪੋਰਟ ਮਾਫੀਆ ਤੋਂ ਮੁਕਤ ਕਰਨ ਲਈ ਵਚਨਬੱਧ ਹੈ।