ਕੋਰੋਨਾ ਕਾਰਨ ਲਗਾਤਾਰ ਵਿਗੜ ਰਹੇ ਹਾਲਾਤ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਗਈ ਹੈ। ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ।
ਕੋਰੋਨਾ ਮਹਾਮਾਰੀ ਨੂੰ ਲੈ ਕੇ ਖ਼ਤਰਨਾਕ ਹੁੰਦੇ ਹਾਲਾਤ ਕਾਬੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਡੀ. ਸੀ. ਦਾ ਕਹਿਣਾ ਹੈ ਕਿ ਲੋਕਾਂ ਦੀ ਜਾਗਰੂਕਤਾ ਤੇ ਸਰੀਰਕ ਦੂਰੀ ਨਾਲ ਹੀ ਕੋਰੋਨਾ ’ਤੇ ਕਾਬੂ ਪਾਇਆ ਜਾ ਸਕਦਾ ਹੈ। ਲੋਕਾਂ ਨੂੰ ਭੀੜ-ਭਾੜ ਵਾਲੇ ਇਲਾਕਿਆਂ ’ਚ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਹਿਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਕੇ ਹੀ ਕੋਰੋਨਾ ਮਹਾਮਾਰੀ ਨੂੰ ਹਰਾਇਆ ਜਾ ਸਕਦਾ ਹੈ।