ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੋਮਵਾਰ ਨੂੰ ਲੋਕ ਸਭਾ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ, 2021 ਨੂੰ ਪੇਸ਼ ਕਰਨਗੇ। ਬਿੱਲ ਦਾ ਉਦੇਸ਼ ਪਿਛਲੇ ਸਾਲ ਸੰਸਦ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੈ।
ਲੋਕ ਸਭਾ ਦੀ ਵੈੱਬਸਾਈਟ ‘ਤੇ ਸੂਚੀਬੱਧ ਕਾਰੋਬਾਰ ਵਿਚ, ਇਹ ਜ਼ਿਕਰ ਕੀਤਾ ਗਿਆ ਹੈ ਕਿ ਨਰਿੰਦਰ ਸਿੰਘ ਤੋਮਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇਕ ਬਿੱਲ ਪੇਸ਼ ਕਰਨ ਲਈ ਅੱਗੇ ਵਧਣਗੇ – ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਐਗਰੀਮੈਂਟ ਔਨ ਪ੍ਰਾਈਸ ਐਸ਼ੋਰੈਂਸ ਐਂਡ ਫਾਰਮ ਸਰਵਿਸਿਜ਼ ਐਕਟ, 2020, ਕਿਸਾਨ ਉਪਜ ਵਪਾਰ ਅਤੇ ਵਣਜ (ਪ੍ਰਮੋਸ਼ਨ ਅਤੇ ਸਹੂਲਤ) ਐਕਟ, 2020, ਜ਼ਰੂਰੀ ਵਸਤੂਆਂ (ਸੋਧ) ਐਕਟ, 2020।
19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘੋਸ਼ਣਾ ਕੀਤੀ ਸੀ ਕਿ ਕੇਂਦਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਅਤੇ ਤਿੰਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਸੀ।
ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ 26 ਨਵੰਬਰ, 2020 ਤੋਂ ਸੈਂਕੜੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। । ਜਿੱਥੇ ਕਿਸਾਨਾਂ ਨੇ ਸਰਕਾਰ ਵੱਲੋਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੇ ਕਦਮ ਦਾ ਸਵਾਗਤ ਕੀਤਾ ਹੈ, ਉੱਥੇ ਹੀ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਲਈ ਨਵਾਂ ਕਾਨੂੰਨ ਲਿਆਂਦਾ ਜਾਵੇ।