ਦੇਸ਼ ਦੇ ਵਿੱਚ ਕਿਸਾਨ ਲੰਬੇ ਸਮੇਂ ਤੋਂ ਕੇਂਦਰ ਦੇ 3 ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਹਨ | ਜਿਸ ਨੂੰ ਲੈ ਕੇ ਹੁਣ ਮਹਾਰਾਸ਼ਟਰ ਸਰਕਾਰ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰੇਗੀ। ਐਨਸੀਪੀ ਆਗੂ ਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਕਿਹਾ ਹੈ ਕਿ ਸੂਬਾ ਸਰਕਾਰ ਅਗਾਮੀ ਮਾਨਸੂਨ ਇਜਲਾਸ ਵਿਚ ਕੇਂਦਰ ਸਰਕਾਰ ਦੇ ਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰੇਗੀ।
ਮਹਾਰਾਸ਼ਟਰ ਦਾ ਵਿਧਾਨ ਸਭਾ ਇਜਲਾਸ 5 ਤੇ 6 ਜੁਲਾਈ ਨੂੰ ਹੋਵੇਗਾ। ਮਲਿਕ ਨੇ ਕਿਹਾ ਕਿ ਮਹਾ ਵਿਕਾਸ ਅਗਾੜੀ ਗੱਠਜੋੜ ਸਰਕਾਰ ਵਿਚਲੀਆਂ ਪਾਰਟੀਆਂ- ਸ਼ਿਵ ਸੈਨਾ, ਐਨਸੀਪੀ ਤੇ ਕਾਂਗਰਸ, ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੁੱਧ ਹਨ।
ਉਨ੍ਹਾਂ ਕਿਹਾ ਕਿ ਤਿੰਨਾਂ ਕਾਨੂੰਨਾਂ ਦੇ ਅਧਿਐਨ ਲਈ ਬਣਾਈ ਗਈ ਇਕ ਕਮੇਟੀ ਕਿਸਾਨ ਆਗੂਆਂ ਨਾਲ ਗੱਲ ਕਰ ਕੇ ਕਾਨੂੰਨ ਦਾ ਖਰੜਾ ਤਿਆਰ ਕਰੇਗੀ ਜਿਸ ਨੂੰ ਰਾਜ ਸਰਕਾਰ ਲਾਗੂ ਕਰੇਗੀ। ਜਦ ਤੱਕ ਕਿਸਾਨ ਕਾਨੂੰਨ ਦੇ ਖਰੜੇ ਨੂੰ ਪ੍ਰਵਾਨਗੀ ਨਹੀਂ ਦਿੰਦੇ ਰਾਜ ਸਰਕਾਰ ਅੱਗੇ ਨਹੀਂ ਵਧੇਗੀ। ਉਨ੍ਹਾਂ ਕਿਹਾ ਕਿ ਐਨਸੀਪੀ ਚਾਹੁੰਦੀ ਹੈ ਕਿ ਕਾਨੂੰਨ ਵਾਪਸ ਲਏ ਜਾਣ।