ਦਿੱਲੀ ਵਿਧਾਨ ਸਭਾ ਨੇ ਕੇਂਦਰ ਵੱਲੋਂ ਪਾਸ ਤਿੰਨੋਂ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦਾ ਮਤਾ ਪਾਸ ਕਰ ਦਿੱਤਾ ਹੈ। ਵਿਧਾਨ ਸਭਾ ਨੇ ਮਤਾ ਪਾਸ ਕਰਕੇ ਸਿਫਾਰਿਸ਼ ਕੀਤੀ ਕਿ ਕੇਂਦਰ ਸਰਕਾਰ ਪਿਛਲੇ ਸਾਲ ਸੰਸਦ ਵਿੱਚ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਫੌਰੀ ਰੱਦ ਕਰੇ। ਮਤੇ ਵਿੱਚ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਗੱਲਬਾਤ ਦਾ ਸੱਦਾ ਦੇਵੇ। ਇਸ ਤੋਂ ਪਹਿਲਾਂ ਪੰਜਾਬ, ਪੱਛਮੀ ਬੰਗਾਲ, ਰਾਜਸਥਾਨ, ਛੱਤੀਸਗੜ੍ਹ, ਦਿੱਲੀ ਅਤੇ ਕੇਰਲ ਵਿਧਾਨ ਸਭਾਵਾਂ ਸਮੇਤ ਹੋਰ ਕਈਆਂ ਨੇ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵਾਲੇ ਮਤੇ ਪਾਸ ਕੀਤੇ ਹਨ। ਵਿਧਾਨ ਸਭਾ ਨੇ ‘ਦਿੱਲੀ ਵਸਤਾਂ ਤੇ ਸੇਵਾ ਕਰ (ਸੋਧ) ਬਿੱਲ 2021’ ਵੀ ਪਾਸ ਕਰ ਦਿੱਤਾ ਹੈ। ਉਂਜ ਵਿਰੋਧੀ ਧਿਰ ਭਾਜਪਾ ਵੱਲੋਂ ਇਸ ਸੋਧ ਬਿੱਲ ਦਾ ਸਖ਼ਤ ਵਿਰੋਧ ਕੀਤਾ ਗਿਆ। ਇਸ ਬਿੱਲ ’ਚ 15 ਸੋਧਾਂ ਕਰਕੇ ਕਰਾਂ ਦੀਆਂ ਚੋਰ ਮੋਰੀਆਂ ਬੰਦ ਕਰਨ ਦਾ ਦਿੱਲੀ ਸਰਕਾਰ ਨੇ ਦਾਅਵਾ ਕੀਤਾ ਹੈ।