ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਜੇ ਕੇਂਦਰ ਸਰਕਾਰ ਪੰਜਾਬ ਨੂੰ ਲੋੜੀਂਦੀ ਵੈਕਸੀਨ ਦੇ ਦੇਵੇ ਤਾਂ ਅਗਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੂਰੇ ਪੰਜਾਬ ਦੇ ਲੋਕਾਂ ਦਾ ਟੀਕਾਕਰਨ ਹੋ ਸਕਦਾ ਹੈ। ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਵੈਕਸੀਨ ਦੀ ਓਨੀ ਸਪਲਾਈ ਨਹੀਂ, ਜਿੰਨੀ ਪੰਜਾਬ ਨੂੰ ਲੋੜ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ਵਿਚ ਜਾ ਕੇ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਕੈਂਪਾਂ ਰਾਹੀਂ ਸਿਹਤ ਕਰਮੀ ਪਿੰਡਾਂ ਦੇ ਵਸਨੀਕਾਂ ਨੂੰ ਇਸ ਮਹਾਮਾਰੀ ਦੇ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਹੁਣ ਲੋਕ ਜਾਗਰੂਕ ਹੋ ਰਹੇ ਹਨ ਅਤੇ ਆਪਣੀ ਜਾਂਚ ਅਤੇ ਟੀਕਾਕਰਨ ਲਈ ਅੱਗੇ ਆਉਣੇ ਸ਼ੁਰੂ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੋਰੋਨਾ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਫੂਡ ਕਿੱਟ ਵੀ ਪ੍ਰਬੰਧ ਕੀਤਾ ਗਿਆ ਹੈ। ਆਸ਼ਾ ਵਰਕਰ, ਪੁਲਿਸ ਮੁਲਾਜ਼ਮ ਅਤੇ ਫਰੰਟਲਾਈਨ ਯੋਧਿਆਂ ਵੱਲੋਂ ਘਰ-ਘਰ ਜਾ ਕੇ ਖਾਣਾ ਪੀੜਤ ਮਰੀਜ਼ਾਂ ਦੇ ਪਰਿਵਾਰਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।