ਕੇਂਦਰ ਵੱਲੋਂ ਬਣਾਏ 3 ਖੇਤੀ ਕਾਨੂੰਨਾਂ ਨੂੰ ਇੱਕ ਸਾਲ ਤੋਂ ਜਿਆਦਾ ਸਮਾਂ ਹੋ ਗਿਆ ਹੈ | ਜਿਸ ਦੇ ਵਿਰੋਧ ਵਿੱਚ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ | ਅੱਜ ਦੇਸ਼ ਭਰ ‘ਚ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨਾਂ ਨੇ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਬੰਦ ਦੇ ਸਮਰਥਨ ਵਿੱਚ ਸੜਕਾਂ ‘ਤੇ ਉਤਰਨ ਅਤੇ 300 ਤੋਂ ਵੱਧ ਥਾਵਾਂ ‘ਤੇ ਧਰਨੇ ਦੇਣ ਦੀ ਤਿਆਰੀ ਕਰ ਰਹੀਆਂ ਹਨ।ਇਸ ਦੇ ਨਾਲ ਹੀ ਦੂਜੇ ਸੂਬਿਆਂ ਦੇ ਕਿਸਾਨ ਆਗੂ ਵੀ ਕਿਸਾਨ ਧਰਨੇ ਵਿੱਚ ਪਹੁੰਚਣਗੇ ਅਤੇ ਸਥਾਨਕ ਕਿਸਾਨਾਂ ਦਾ ਮਨੋਬਲ ਵਧਾਉਣਗੇ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਇੱਕ ਸਾਲ ਨੂੰ ਮਨਾਉਣ ਲਈ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਦੇ ਤਹਿਤ ਪੰਜਾਬ ਦੇ 32 ਕਿਸਾਨ ਜਥੇਬੰਦੀਆਂ ਨੇ ਵੀ ਪੰਜਾਬ ਭਰ ਵਿੱਚ ਧਰਨੇ ਲਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਪੰਜਾਬ ਦੇ ਖੁਫੀਆ ਵਿਭਾਗ ਮੁਤਾਬਕ, ਕਿਸਾਨ ਸੋਮਵਾਰ ਨੂੰ 300 ਤੋਂ ਵੱਧ ਥਾਵਾਂ ‘ਤੇ ਧਰਨੇ ਅਤੇ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਕਿਸਾਨ ਕੁਝ ਜ਼ਿਲ੍ਹਿਆਂ ਵਿੱਚ ਰੇਲ ਆਵਾਜਾਈ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਨਗੇ। ਖੁਫੀਆ ਵਿਭਾਗ ਤੋਂ ਹਾਸਲ ਇਨਪੁਟ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਵੱਲੋਂ ਹਰ ਪਹਿਲੂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਸਾਰੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਅੰਦੋਲਨ ਸ਼ਾਂਤੀਪੂਰਵਕ ਜਾਰੀ ਰੱਖਣ।