ਪਾਕਿਸਤਾਨ ਵਿੱਚ ਹੁਣ ਤੱਕ ਮੀਂਹ ਅਤੇ ਹੜ੍ਹ ਕਾਰਨ 320 ਮੌਤਾਂ ਹੋ ਚੁੱਕੀਆਂ ਹਨ। ਬਲੋਚਿਸਤਾਨ ਸੂਬੇ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਸਭ ਤੋਂ ਵੱਧ ਤਬਾਹੀ ਮਚਾਈ ਹੈ, ਜਿਸ ਕਾਰਨ ਇੱਥੇ ਹੁਣ ਤੱਕ 127 ਮੌਤਾਂ ਹੋ ਚੁੱਕੀਆਂ ਹਨ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਬ ਨੇ ਕੋਇਟਾ ਦਾ ਦੌਰਾ ਕਰਨ ਮਗਰੋਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿਛਲੇ ਪੰਜ ਹਫ਼ਤਿਆਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਅਤੇ ਹੜ੍ਹਾਂ ਦੌਰਾਨ ਮਾਰੇ ਗਏ ਵਿਅਕਤੀਆਂ ਅਤੇ ਬੇਘਰ ਹੋਏ ਲੋਕਾਂ ਦੇ ਪਰਿਵਾਰਾਂ ਲਈ ਵਿਸ਼ੇਸ਼ ਮੁਆਵਜ਼ੇ ਦਾ ਐਲਾਨ ਕੀਤਾ। ਸ਼ਰੀਫ਼ ਨੇ ਦੱਸਿਆ ਕਿ ਬਲੋਚਿਸਤਾਨ ਵਿੱਚ ਕਰੀਬ ਤੇਰਾਂ ਹਜ਼ਾਰ ਮਕਾਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਪਾਕਿਸਤਾਨੀ ਸੈਨਾ ਤੇ ਹੋਰ ਬਚਾਅ ਦਸਤਿਆਂ ਵੱਲੋਂ ਬਚਾਅ ਕਾਰਜ ਜਾਰੀ ਹਨ। ਮੀਂਹ ਕਾਰਨ ਪਾਕਿਸਤਾਨ ਤੇ ਇਰਾਨ ਨੂੰ ਜੋੜਦੀ ਰੇਲ ਪਟੜੀ ਪਾਣੀ ਵਿੱਚ ਰੁੜ ਜਾਣ ਕਾਰਨ ਦੋਵਾਂ ਦੇਸ਼ਾਂ ਵਿਚਾਲੇ ਰੇਲ ਸੇਵਾ ਵੀ ਪ੍ਰਭਾਵਿਤ ਹੋਈ ਹੈ।
ਦੂਜੇ ਪਾਸੇ ਆਫਤ ਪ੍ਰਬੰਧਨ ਅਧਿਕਾਰੀਆਂ ਨੇ ਦੱਸਿਆ ਕਿ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ‘ਚ ਭਾਰੀ ਮੀਂਹ ਅਤੇ ਹੜ੍ਹ ਨੇ ਤਬਾਹੀ ਮਚਾਈ ਹੈ, ਜਿਸ ਨਾਲ 19 ਹੋਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੈਂਕੜੇ ਲੋਕ ਦੋਵੇਂ ਸੂਬਿਆਂ ‘ਚ ਫਸੇ ਹੋਏ ਹਨ।
ਮਾਨਸੂਨ ਦੀ ਲਗਾਤਾਰ ਬਾਰਿਸ਼ ਨੇ ਦੇਸ਼ ਨੂੰ ਤਬਾਹ ਕਰ ਦਿੱਤਾ ਹੈ ਅਤੇ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ।
ਪਾਕਿਸਤਾਨੀ ਫੌਜ, ਫਰੰਟੀਅਰ ਕੋਰ ਸੂਬਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਕਰ ਰਹੀ ਹੈ।
ਇਸ ਦੌਰਾਨ, ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਅਤੇ ਸੂਬੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਲੋਚਿਸਤਾਨ ਲਈ ਰਵਾਨਾ ਹੋਏ