ਸ੍ਰੀ ਮੁਕਤਸਰ ਸਾਹਿਬ ਵਿਚ ਨਰਮੇ ਦੀ ਫਸਲ ਦਾ 50 ਫੀਸਦੀ ਨੁਕਸਾਨ ਮੰਨਦਿਆਂ 5400 ਰੁਪਏ ਪ੍ਰਤੀ ਏਕੜ ਰਾਹਤ ਦੇਣ ਦੀ ਪ੍ਰਵਾਨਗੀ
ਸੂਬੇ ਦੇ ਬਜਟ ਵਿੱਚੋਂ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਸਮੁੱਚੇ ਖੇਤਰ ਵਿਚ ਨਰਮੇ ਦਾ 50 ਫੀਸਦੀ ਨੁਕਸਾਨ ਮੰਨਦੇ ਹੋਏ ਪ੍ਰਤੀ ਏਕੜ 5400 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਕਾਮਿਆਂ ਨੂੰ ਸੂਬੇ ਦੇ ਬਜਟ ਵਿੱਚੋਂ ਕ੍ਰਮਵਾਰ 38.08 ਕਰੋੜ ਰੁਪਏ ਅਤੇ 3.81 ਕਰੋੜ ਰੁਪਏ ਜਾਰੀ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਨੂੰ ਹੋਏ ਨੁਕਸਾਨ ਦੇ ਇਵਜ਼ ਵਿਚ ਪ੍ਰਭਾਵਿਤ ਕਿਸਾਨਾਂ ਨੂੰ 4.74 ਕਰੋੜ ਰੁਪਏ ਅਤੇ ਨਰਮਾ ਚੁਗਣ ਵਾਲੇ ਕਾਮਿਆਂ ਨੂੰ 47.44 ਲੱਖ ਰੁਪਏ ਦੀ ਰਾਹਤ ਦਿੱਤੀ ਗਈ ਸੀ।
ਕਿਰਤੀ ਭਲਾਈ ਬੋਰਡ ਦੀਆਂ ਸਾਲ 2015-16 ਅਤੇ 2016-17 ਦੀਆਂ ਸਾਲਾਨਾ ਤੇ ਲੇਖਾ ਰਿਪੋਰਟਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਨਿਰਮਾਣ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਦੀਆਂ ਸਾਲ 2015-16 ਅਤੇ 2016-17 ਲਈ ਸਾਲਾਨਾ ਤੇ ਲੇਖਾ ਰਿਪੋਰਟਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਇਨ੍ਹਾਂ ਨੂੰ ਕਾਨੂੰਨ ਦੇ ਤਹਿਤ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।