ਚੰਡੀਗੜ੍ਹ, 28 ਅਪਰੈਲ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਹੋਰ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਅੱਜ ਆਸ਼ੀਰਵਾਦ ਯੋਜਨਾ ਤਹਿਤ ਵਿੱਤੀ ਸਹਾਇਤਾ ਰਾਸ਼ੀ ਪ੍ਰਤੀ ਲਾਭਪਾਤਰੀ 21,000 ਰੁਪਏ ਤੋਂ ਵਧਾ 51,000 ਰੁਪਏ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਯੋਜਨਾ ਅਧੀਨ ਸਾਰੇ ਬਕਾਏ ਨਿਪਟਾਉਣ ਦੀ ਹਦਾਇਤ ਕੀਤੀ ਹੈ।
ਕੈਬਨਿਟ ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਯੋਜਨਾ ਤਹਿਤ ਦਸੰਬਰ 2020 ਤੱਕ ਦੀ ਅਦਾਇਗੀ ਪਹਿਲਾਂ ਹੀ ਕਰ ਦਿੱਤੀ ਗਈ ਹੈ।
ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਜਨਾ ਅਧੀਨ ਇਹ ਤਾਜ਼ਾ ਵਾਧਾ 1 ਜੁਲਾਈ 2021 ਤੋਂ ਲਾਗੂ ਹੋਵੇਗਾ। ਮੌਜੂਦਾ ਸਰਕਾਰ ਦੁਆਰਾ ਸਕੀਮ ਦੀ ਰਾਸ਼ੀ ਵਿੱਚ ਕੀਤਾ ਗਿਆ ਇਹ ਦੂਜਾ ਵਾਧਾ ਹੈ, ਜਿਸ ਨੇ ਪਹਿਲਾਂ 2017 ਵਿਚ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਸਹਾਇਤਾ ਰਾਸ਼ੀ 15,000 ਰੁਪਏ ਤੋਂ ਵਧਾ ਕੇ 21,000 ਰੁਪਏ ਕੀਤੀ ਸੀ ਅਤੇ ਸ਼ਗਨ ਸਕੀਮ ਦਾ ਨਾਮ ਬਦਲ ਕੇ ਆਸ਼ੀਰਵਾਦ ਯੋਜਨਾ ਰੱਖਿਆ ਗਿਆ ਸੀ। ਉਸ ਸਮੇਂ ਮੰਤਰੀ ਮੰਡਲ ਨੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੁਆਰਾ ਲਾਗੂ ਕੀਤੀ ਗਈ ਯੋਜਨਾ ਦੇ ਤਹਿਤ ਆਨਲਾਈਨ ਬੈਂਕਿੰਗ ਪ੍ਰਬੰਧਨ ਪ੍ਰਣਾਲੀ ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕਰਨ ਦਾ ਫੈਸਲਾ ਵੀ ਕੀਤਾ ਸੀ।