ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5,200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।