ਪੰਜਾਬ ਦੇ ਵਿੱਚ ਹਰ ਰੋਜ਼ ਮੁਲਾਜ਼ਮਾ ਦੇ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾਂਦੇ ਹਨ | ਪੰਜਾਬ ਦੇ ਰੋਡਵੇਜ਼,ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਤੋਂ ਤੰਗ ਆ ਕੇ ਬੱਸ ਸਟੈਂਡ ਤੇ ਧਰਨੇ ਲਾਏ ਜਾ ਰਹੇ ਹਨ | ਅੱਜ ਪੰਜਾਬ ਰੋਡਵੇਜ਼ ,ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋ ਪੰਜਾਬ ਦੇ ਸਮੂਹ ਬੱਸ ਸਟੈਂਡ ਬੰਦ ਕਰਕੇ ਪ੍ਰਦਰਸ਼ਨ ਕੀਤਾ ਗਿਆ। ਬਠਿੰਡਾ ਬੱਸ ਸਟੈਂਡ ’ਤੇ ਡਿਪੂ ਪ੍ਰਧਾਨ ਸੰਦੀਪ ਗਰੇਵਾਲ ਸਿੰਘ, ਡਿਪੂ ਚੇਅਰਮੈਨ ਸਰਬਜੀਤ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਕੈਸ਼ੀਅਰ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਮੁਆਫੀਆਂ ਖਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ। ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਕੁੱਝ ਨਹੀਂ ਕੀਤਾ ਗਿਆ। ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਦੀ ਬਿਜਾਏ 100-200 ਰਹਿ ਜਾਣਾ ਤੇ ਉੱਪਰੋਂ ਮੁਫ਼ਤ ਸਫ਼ਰ ਸਹੂਲਤਾਂ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਵਲੋਂ ਇਨ੍ਹਾਂ ਅਦਾਰਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ।
ਕੁਲਦੀਪ ਸਿੰਘ,ਹਰਤਾਰ ਸਿੰਘ ਨੇ ਕਿਹਾ ਇਸ ਕਰਕੇ ਯੂਨੀਅਨ ਵਲੋਂ ਅਗਲੇ ਤਿਖੇ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਹੈ। ਅੱਜ 25 ਅਗਸਤ ਨੂੰ ਬੱਸ ਸਟੈਂਡ ਬੰਦ ਕਰਕੇ ਸਰਕਾਰ ਨੂੰ ਸਪੱਸ਼ਟ ਰੂਪ ਚ ਆਪਣੇ ਅਗਲੇ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਵੱਲੋ ਜਥੇਬੰਦੀ ਨਾਲ ਕੀਤੇ ਗਏ ਵਾਅਦੇ ਮੁਤਾਬਿਕ ਮਿਤੀ 26 ਅਗਸਤ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪੱਕੇ ਕਰਨ ਸਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ 6 ਸਤੰਬਰ ਤੋਂ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠਣਗੇ। ਇਸ ਹੜਤਾਲ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਅਤੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਵੱਲ ਮਾਰਚ ਕਰਨਗੇ।