ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਾ: ਐਸ.ਕਰੁਣਾ ਰਾਜੂ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਦੇ ਲਈ ਸੂਬੇ ਵਿੱਚ 66 ਥਾਵਾਂ ‘ਤੇ 117 ਗਿਣਤੀ ਕੇਂਦਰ ਬਣਾਏ ਗਏ ਹਨ। ਸੂਬੇ ਦੇ ਕਰੀਬ 7500 ਕਰਮਚਾਰੀ ਗਿਣਤੀ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਗਿਣਤੀ ਕੇਂਦਰਾਂ ‘ਤੇ ਮੀਡੀਆ ਸੈਂਟਰ ਬਣਾਏ ਗਏ ਹਨ, ਜਿੱਥੇ ਪੱਤਰਕਾਰਾਂ ਨੂੰ ਹਰ
ਦੌਰੇ ਦੀ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਵਿੱਚ 3562 ਪੱਤਰਕਾਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਜੋ ਰਿਟਰਨਿੰਗ ਅਫਸਰ ਨਾਲ ਤਾਲਮੇਲ ਕਰਕੇ ਨਿਰਧਾਰਿਤ ਸੀਮਾ ਦੇ ਅੰਦਰ ਗਿਣਤੀ ਕੇਂਦਰਾਂ ਦਾ ਦੌਰਾ ਕਰ ਸਕਣਗੇ।
ਵੀਡਿਓ ਅਤੇ ਸਟਿਲ ਕੈਮਰੇ ਸਿਰਫ਼ ਅਧਿਕਾਰਤ ਰਿਕਾਰਡ ਲਈ ਗਿਣਤੀ ਕੇਂਦਰਾਂ ਵਿੱਚ ਲਿਜਾਏ ਜਾ ਸਕਦੇ ਹਨ। ਇਸ ਦੇ ਨਾਲ ਹੀ ਕੋਵਿਡ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।