ਸੂਬੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਵਾਧੂ ਵਸੂਲੀ ਫੀਸ ਪਈ ਮਹਿੰਗੀ, ਸਿੱਖਿਆ ਮੰਤਰੀ ਵਲੋਂ ਵਾਪਸ ਕਰਨ ਦੀ ਹਦਾਇਤ
Punjab Education Minister: ਪੰਜਾਬ ਸਰਕਾਰ (Punjab government) ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਇੱਥੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ (Harjot Singh Bains) ਨੇ ਕੀਤਾ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਇਸ ਮਾਮਲੇ ਵਿੱਚ ਬਹੁਤ ਹੀ ਸਪੱਸ਼ਟ ਹਦਾਇਤਾਂ ਹਨ ਕਿ ਉਹ ਪੰਜਾਬ ਵਿੱਚ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਣਗੇ। ਵਿਭਾਗ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਹਰ ਪ੍ਰਾਈਵੇਟ ਅਦਾਰੇ ਨੂੰ ਪੂਰੀ ਖੁੱਲ ਹੋਵੇਗੀ ਪਰ ਮਨਮਾਨੀਆਂ ਤੇ ਬੇਨਿਯਮੀਆਂ ਕਰਨ ਵਾਲਿਆਂ ਤੇ ਪੂਰੀ ਸਖ਼ਤੀ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ’ ਦੀ ਉਲੰਘਣਾ ਕਰਨ ਤੇ ਦੋਵਾਂ ਸਕੂਲਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ ‘ਤੇ ਪੜਤਾਲ ਕਰਵਾਈ ਗਈ ਸੀ ਜਿਸ ਦੇ ਆਧਾਰ ‘ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਸਬੰਧੀ ਫੀਸ ਰੈਗੂਲੇਟਰੀ ਬਾਡੀ ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਤਰੁੱਟੀਆਂ ਪਾਈਆਂ ਗਈ ਸਨ ਜਿਸ ਲਈ ਉਕਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਸਕੂਲਾਂ ਨੇ ਜੋ ਫੀਸ ਦਾ ਵਾਧਾ ਕੀਤਾ ਸੀ ਉਸ ਸਬੰਧੀ ਕੋਈ ਢੁਕਵਾਂ ਜਵਾਬ ਨਾ ਦੇਣ ਕਾਰਨ ਉਨ੍ਹਾਂ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਬੈਂਸ ਦੱਸਿਆ ਕਿ ਉਕਤ ਦੋਵੇਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਇੱਕ ਹਫ਼ਤੇ ਅੰਦਰ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h