ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ।
ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਉਸ ਵਕਤ ਦੀ ਪ੍ਰਧਾਨ ਮੰਤਰੀ ਨੂੰ ਸੋਧਾ ਲਾ ਕੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹਾਦਤ ਪ੍ਰਾਪਤ ਕੀਤੀ। ਇਹ ਕੌਮ ਦੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਤੇ ਭਾਈ ਕੇਹਰ ਸਿੰਘ ਦੇ ਪਰਿਵਾਰ ਵਿੱਚੋਂ ਬੀਬੀ ਗੁਰਪ੍ਰੀਤ ਕੌਰ ਸਮੇਤ ਹੋਰਾਂ ਨੂੰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਵੀ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਸਮੇਤ ਸੰਗਤਾਂ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h