ਚੰਡੀਗੜ੍ਹ: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।
ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸਐਸ ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਸ੍ਰੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਸ੍ਰੀ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ, 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ (ਵੱਖ-ਵੱਖ ਕਿੱਤਿਆਂ ਨਾਲ ਸਬੰਧਤ) ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ, ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਪਾਕਿਸਤਾਨ ਬਾਡਰ ਨਾਲ ਲੱਗਦਾ ਖੇਤਰ ਪੂਰੇ ਵਿਸ਼ਵ ਵਿੱਚ ਉੱਚ ਦਰਜੇ ਦੀ ਬਾਸਮਤੀ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਇਸ ਨਵੀਂ ਖੇਤੀ ਨੀਤੀ ਵਿੱਚ ਬਾਸਮਤੀ ਨੂੰ ਪਰਮਲ ਝੋਨੇ ਦੇ ਬਦਲ ਵਜੋਂ ਅਪਨਾਉਣ ਅਤੇ ਬਾਸਮਤੀ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਦੀ ਤਜਵੀਜ਼ ਵੀ ਸ਼ਾਮਲ ਕੀਤੀ ਜਾਵੇਗੀ।
ਧਾਲੀਵਾਲ ਨੇ ਜ਼ੋਰ ਦਿੰਦਿਆਂ ਆਖਿਆ ਕਿ ਪੰਜਾਬ ਅੱਜ ਵਾਤਾਵਰਨ ਅਤੇ ਸਿਹਤ ਸੰਕਟ ਨਾਲ ਜੂਝ ਰਿਹਾ ਹੈ, ਜਿਸ ਵਿੱਚ ਉਪਜਾਊ ਭੂਮੀ ਹੁਣ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ ਅਤੇ ਜ਼ਮੀਨੀ ਪਾਣੀ ਵਿੱਚ ਜ਼ਹਿਰਾਂ ਦੀ ਮਾਤਰਾ ਦਿਨੋਂ-ਦਿਨ ਵੱਧ ਰਹੀ ਹੈ। ਇਸ ਵਰਤਾਰੇ ਵਿੱਚੋਂ ਬਾਹਰ ਨਿਕਲਣ ਅਤੇ ਕੁਦਰਤੀ ਖੇਤੀ ਲਈ ਨਵੀਂ ਨੀਤੀ ਬਣਾਉਣ ਦਾ ਵਾਅਦਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਛੇਤੀ ਹੀ ਪੰਜਾਬ ਦੇ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਮਾਡਲ ਦਿੱਤਾ ਜਾਵੇਗਾ।
ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਦਰਿਆਵਾਂ ਦੇ ਵਾਧੂ ਪਾਣੀਆਂ ਨੂੰ ਪੰਜਾਬ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਨਵੀਂ ਖੇਤੀ ਨੀਤੀ ਅਧੀਨ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਖੇਤੀ ਸੈਕਟਰ ਵਿੱਚ ਆਈ ਖੜੋਤ ਨੂੰ ਦੂਰ ਕਰਨ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਅਤੇ ਖੇਤੀਬਾੜੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਉਪਰੰਤ ਮੁਕੰਮਲ ਕਰਕੇ 31 ਮਾਰਚ ਤੱਕ ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਕੀਤੀ ਜਾਵੇਗੀ।
ਧਾਲੀਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ਬੀਜ ਉਤਪਾਦਨ ਪੋਰਟਲ ਅਤੇ ਐਪ` ਵੀ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਐਪ ਦੇਸ਼ ਦੀ ਪਹਿਲੀ ਐਪ ਹੈ ਅਤੇ ਇਸ ਜ਼ਰੀਏ ਸੂਬੇ ਦੇ ਕਿਸਾਨ ਬੀਜਾਂ ਦੀ ਉਪਲੱਬਧਤਾ ਅਤੇ ਕਿਸਮਾਂ ਸਬੰਧੀ ਆਨਲਾਈਨ ਜਾਣਕਾਰੀ ਹਾਸਲ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਐਪ ਦਾ ਉਦੇਸ਼ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਨੂੰ ਆਨਲਾਈ ਅਤੇ ਪੇਪਰ ਰਹਿਤ ਬਣਾਉਣਾ ਅਤੇ ਬੀਜਾਂ ਦੀ ਸਰਟੀਫਿਕੇਸ਼ਨ ਸਬੰਧੀ ਸਲਾਨਾ ਕੈਲੰਡਰ ਨੂੰ ਲਾਗੂ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਕਿਊ ਆਰ ਕੋਡ ਦੀ ਮਦਦ ਨਾਲ ਬੀਜ ਟਰੈਕਿੰਗ, ਗੁਣਵੱਤਾ ਦੀ ਪ੍ਰਮਾਣਿਕਤਾ, ਬੀਜਾਂ ਦੀ ਪੈਦਾਵਾਰ, ਪ੍ਰਮਾਣੀਕਰਨ ਅਤੇ ਸੈਪਲਿੰਗ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਹੋ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h