ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਜ਼ਿਲਾ ਯੋਜਨਾ ਕਮੇਟੀ ਸੰਗਰੂਰ ਦੇ ਲਗਾਏ ਗਏ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ, ਵੱਖ-ਵੱਖ ਵਿਧਾਇਕਾਂ ਅਤੇ ਹੋਰਨਾਂ ਨਾਮਵਰ ਸਖ਼ਸ਼ੀਅਤਾਂ ਦੀ ਮੌਜੂਦਗੀ ’ਚ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚਲੇ ਦਫ਼ਤਰ ’ਚ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੀ ਗੁਰਮੇਲ ਸਿੰਘ ਘਰਾਚੋਂ ਦੇ ਘਰ ਪਹੁੰਚ ਕੇ ਉਨਾਂ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਯੋਗ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਦਾ ਹੀ ਨਤੀਜਾ ਹੈ ਕਿ ਇੱਕ ਪਿੰਡ ਦੇ ਸਰਪੰਚ ਨੂੰ ਪੂਰੇ ਜ਼ਿਲੇ ਦੇ ਵਿਕਾਸ ਕੰਮਾਂ ਦੀ ਯੋਜਨਾਬੰਦੀ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਇਹ ਲੋਕਾਂ ਨਾਲ ਜੁੜੇ ਰਹਿਣ ਕਾਰਨ ਇੱਕ ਆਮ ਵਿਅਕਤੀ ਦੇ ਸਫ਼ਲ ਹੋਣ ਦੀ ਬਹੁਤ ਵੱਡੀ ਉਦਾਹਰਨ ਹੈ ਅਤੇ ਹੁਣ ਚੇਅਰਮੈਨ ਗੁਰਮੇਲ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਹੋਰ ਵੀ ਚੰਗੇ ਤਰੀਕੇ ਨਾਲ ਕੀਤਾ ਜਾਵੇਗਾ।
ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਇਸ ਵੱਡੀ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਉਹ ਵਿਸ਼ਵਾਸ ਦਿਵਾਉਦੇ ਹਨ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਰ ਵਿਕਾਸ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਵਾਉਣਗੇ।
ਇਸ ਮੌਕੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਹਲਕਾ ਲਹਿਰਾ ਵਰਿੰਦਰ ਕੁਮਾਰ ਗੋਇਲ, ਵਿਧਾਇਕ ਮਾਲੇਰਕੋਟਲਾ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਚੇਅਰਮੈਨ ਪਨਸੀਡ ਮੋਹਿੰਦਰ ਸਿੰਘ ਸਿੱਧੂ, ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਜਸਵੀਰ ਸਿੰਘ ਕੁਦਨੀ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਪਟਿਆਲਾ ਜੱਸੀ ਸੋਹੀਆਂ, ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਨਗਰ ਸੁਧਾਰ ਟਰੱਸਟ ਪਟਿਆਲਾ ਮੇਘ ਚੰਦ ਸ਼ੇਰਮਾਜਰਾ ਅਤੇ ਵੱਡੀ ਗਿਣਤੀ ’ਚ ਹੋਰ ਪਤਵੰਤੇ ਤੇ ਆਗੂ ਹਾਜ਼ਰ ਰਹੇ।