Bhagwant Mann on Republic Day: ਦੇਸ਼ ਦੇ ਨਾਲ -ਨਾਲ ਪੰਜਾਬ ‘ਚ ਵੀ ਗਣਤੰਤਰ ਦਿਵਸ ਦੀਆਂ ਰੌਣਕਾਂ ਵੇਖਣ ਨੂੰ ਮਿਲਿਆਂ। ਇਸ ਦੌਰਾਨ ਇੱਥੇ ਸੂਬੇ ਦੇ ਸੀਐਮ ਭਗਵੰਤ ਮਾਨ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਦੱਸ ਦਈਏ ਕਿ ਬਠਿੰਡਾ ‘ਚ ਇਸ ਦੌਰਾਨ ਖਾਸ ਪ੍ਰੋਗ੍ਰਾਮ ਤਹਿਤ ਵਿਸ਼ੇਸ਼ ਝਾਕੀ ਵੀ ਕੱਢੀ ਗਈ। ਜਿਸ ਨੇ ਸਭ ਦਾ ਦਿਲ ਜਿੱਤ ਲਿਆ।
ਸੀਐਮ ਮਾਨ ਨੇ ਲੋਕਾਂ ਨੂੰ ਦਿੱਤੇ ਭਾਸ਼ਣ ‘ਚ ਕੀ ਕੁਝ ਕਿਹਾ, ਪੜ੍ਹੋ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਇਕਮਾਤਰ ਉਦੇਸ਼ ਨੇਕ ਨੀਅਤ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨਾ ਹੈ। ਭਗਵੰਤ ਮਾਨ ਨੇ ਕਿਹਾ, “ਰੱਬ ਨਾ ਕਰੇ ਜੇਕਰ ਮੈਂ ਕਦੇ ਆਪਣੇ ਪਰਿਵਾਰ ਜਾਂ ਰਿਸ਼ਤੇਦਾਰਾਂ ਨੂੰ ਨਾਜਾਇਜ਼ ਫਾਇਦਾ ਦੇਣ ਲਈ ਦਸਤਖ਼ਤ ਕਰਦਾਂ ਹਾਂ ਤਾਂ ਇਹ ਦਸਤਖ਼ਤ ਮੇਰੇ ਲਈ ਮੌਤ ਦਾ ਵਾਰੰਟ ਹੋਣਗੇ। ਮੇਰਾ ਹਰ ਸਾਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਸਮਰਪਿਤ ਹੈ।”
10 ਮਹੀਨਿਆਂ ‘ਚ ਵਾਅਦੇ ਪੂਰੇ ਕੀਤੇ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਨੇਤਾਵਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 10 ਮਹੀਨਿਆਂ ਵਿੱਚ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ 27 ਜਨਵਰੀ ਨੂੰ 400 ਤੋਂ ਵੱਧ ਕਲੀਨਿਕ ਖੋਲ੍ਹੇ ਜਾ ਰਹੇ ਹਨ।
16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਕ ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੀ ਗਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ ਅਤੇ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ।
ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਗਠਨ ਦੇ ਪਹਿਲੇ ਕੁਝ ਮਹੀਨਿਆਂ ਦੌਰਾਨ ਹੀ 25, 886 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਵਿੱਚ 2100 ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਚਾਰ ਸਾਲਾਂ ਵਿੱਚ ਹਰ ਸਾਲ 300 ਸਬ-ਇੰਸਪੈਕਟਰਾਂ ਅਤੇ 1800 ਕਾਂਸਟੇਬਲਾਂ ਦੀਆਂ ਅਸਾਮੀਆਂ ਭਰਨ ਦਾ ਫੈਸਲਾ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਬੁਲੰਦੀਆਂ ਉਤੇ ਲਿਜਾਣ ’ਤੇ ਜ਼ੋਰ ਦੇ ਰਹੀ ਹੈ।
ਪੰਜਾਬ ਵਿੱਚ ਲਿਆਂਦਾ ਕਰੋੜਾਂ ਰੁਪਏ ਦਾ ਨਿਵੇਸ਼
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਆਪਕ ਯਤਨਾਂ ਸਦਕਾ ਉੱਦਮੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ ਵਿੱਚ 27, 000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ ਨੌਜਵਾਨਾਂ ਲਈ 1.25 ਲੱਖ ਨੌਕਰੀਆਂ ਪੈਦਾ ਹੋਈਆਂ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਉਨ੍ਹਾਂ ਦੇ ਘਰ-ਘਰ ਜਾ ਕੇ ਦੇਣ ਦਾ ਫੈਸਲਾ ਕੀਤਾ।
ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h