CHandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ, ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਐਨਆਰਆਈ ਨੀਤੀ 28 ਫ਼ਰਵਰੀ, 2023 ਤੱਕ ਤਿਆਰ ਕਰ ਲਈ ਜਾਵੇਗੀ।
ਪੰਜਾਬ ਭਵਨ ਵਿਖੇ ਧਾਲੀਵਾਲ ਨੇ ਡੀਜੀਪੀ ਪੰਜਾਬ ਗੌਰਵ ਯਾਦਵ, ਐਨਆਰਆਈ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਜੇਐਮ ਬਾਲਾਮੁਰਗਨ, ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਗ੍ਰਹਿ ਵਰਿੰਦਰ ਕੁਮਾਰ, ਵਿਸ਼ੇਸ਼ ਸਕੱਤਰ ਐਨਆਰਆਈ ਕਮਲਜੀਤ ਕੌਰ ਬਰਾੜ ਅਤੇ ਵਿਸ਼ੇਸ਼ ਸਕੱਤਰ ਐਨਆਰਆਈ ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ।
ਧਾਲੀਵਾਲ ਨੇ ਦੱਸਿਆ ਕਿ ਜਲੰਧਰ, ਐਸ.ਏ.ਐਸ. ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕੀਤੇ ਗਏ ‘ਮਿਲਣੀ ਸਮਾਗਮਾਂ’ ਦੌਰਾਨ 606 ਸ਼ਿਕਾਇਤਾਂ ਪ੍ਰਾਪਤ ਹੋਈਆਂ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਂ 40 ਫੀਸਦੀ ਭਾਵ 250 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ ਜਦਕਿ ਬਕਾਇਆ ਦਾ ਹੱਲ ਛੇਤੀ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।
NRIs affairs Minister Kuldeep Singh Dhaliwal said that Government is bringing a new policy for NRI Punjabis, which would be ready by February 28. Minister said that of total complaints received during recent ‘NRI Milnis’, 40% stand addressed. pic.twitter.com/O2FmKvCrzE
— Government of Punjab (@PunjabGovtIndia) January 30, 2023
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਦੇ ਛੇਤੀ ਹੱਲ ਲਈ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਮੋਗਾ, ਲੁਧਿਆਣਾ, ਐਸਬੀਐਸ ਨਗਰ ਅਤੇ ਪਟਿਆਲਾ ਵਿਖੇ ਇਹ ਨਵੀਂਆਂ ਵਿਸ਼ੇਸ਼ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਦਾਲਤਾਂ ਵਿਖੇ ਵਿਸ਼ੇਸ਼ ਜੱਜ ਤੋਂ ਇਲਾਵਾ ਸਟਾਫ਼ ਅਤੇ ਐਨ.ਆਰ.ਆਈ. ਥਾਣਿਆਂ ਲਈ ਵੱਖਰੀਆਂ ਅਸਾਮੀਆਂ ਸਿਰਜਣ ਦੀ ਤਜਵੀਜ਼ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਪਹਿਲਾਂ ਹੀ ਐਨਆਰਆਈ ਵਿਸ਼ੇਸ਼ ਅਦਾਲਤ ਚੱਲ ਰਹੀ ਹੈ।
ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਨੇ ਭਰੋਸਾ ਦਿੱਤਾ ਹੈ ਕਿ 15 ਐਨਆਰਆਈ ਥਾਣਿਆਂ ਦੀ ਕਾਇਆ ਕਲਪ ਕਰਨ ਲਈ 30 ਲੱਖ ਰੁਪਏ ਦੇ ਫੰਡ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਪੁਲਿਸ ਮੁਖੀ ਨੇ ਐਨਆਰਆਈ ਪੁਲੀਸ ਥਾਣਿਆਂ ਵਿੱਚ ਪੁਲੀਸ ਨਫ਼ਰੀ ਵਧਾਉਣ ਲਈ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਵਿੱਚ 75 ਪੁਲਿਸ ਕਰਮਚਾਰੀ ਤੁਰੰਤ ਅਤੇ 75 ਕਰਮਚਾਰੀ ਮਾਰਚ 2023 ਤੱਕ ਇਨ੍ਹਾਂ ਵਿਸ਼ੇਸ਼ ਥਾਣਿਆਂ ਵਿੱਚ ਤਾਇਨਾਤ ਕਰ ਦਿੱਤੇ ਜਾਣਗੇ।
ਐਨਆਰਆਈ ਮੰਤਰੀ ਧਾਲੀਵਾਲ ਨੇ ਅੱਗੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਡੀਜੀਪੀ ਪੰਜਾਬ ਸਾਰੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਇੱਕ ਪੱਤਰ ਵੀ ਲਿਖਣਗੇ, ਜਿਸ ਵਿੱਚ ਸਬੰਧਤਾਂ ਦੇ ਮਸਲੇ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ, ਪੁਲੀਸ ਨਾਲ ਸਬੰਧਤ ਸਾਰੇ ਮਸਲਿਆਂ ਦੀ ਰਿਪੋਰਟ ਏ.ਡੀ.ਜੀ.ਪੀ. ਐਨ.ਆਰ.ਆਈ. ਨੂੰ ਭੇਜਣਾ ਯਕੀਨੀ ਬਣਾਉਣਗੇ।