ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਇੱਥੇ ਵਿੱਤ ਯੋਜਨਾ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਬਜਟ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਯੂਨੀਵਰਸਿਟੀਆਂ ਨੂੰ ਵਾਰ-ਵਾਰ ਸਰਕਾਰ ਤੱਕ ਪਹੁੰਚ ਕਰਨ ਦੀ ਲੋੜ ਨਾ ਪਵੇ। ਉਨ੍ਹਾਂ ਨੇ ਇਨ੍ਹਾਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਵੀ ਕਿਹਾ ਕਿ ਉਹ ਆਪਣਾ ਬਜ਼ਟ ਤੈਅ ਕਰਨ ਮੌਕੇ ਇਹ ਧਿਆਨ ਵਿੱਚ ਰੱਖਣ ਕਿ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਨਾਲ ਇਨਸਾਫ਼ ਹੋਵੇ।
ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਯੂਨੀਵਰਸਿਟੀਆਂ ਖੁਦਮੁਖਤਿਆਰ ਸੰਸਥਾਵਾਂ ਹਨ, ਪਰ ਕੁਝ ਸਰਕਾਰੀ ਯੂਨੀਵਰਸਿਟੀਆਂ ਪਿਛਲੇ ਸਮੇਂ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ, ਇਸ ਲਈ ਯੂਨੀਵਰਸਿਟੀਆਂ ਨੂੰ ਸੂਬੇ ਦੇ ਨੌਜਵਾਨਾਂ ਲਈ ਮਿਆਰੀ ਅਤੇ ਕਿਫਾਇਤੀ ਸਿੱਖਿਆ ਯਕੀਨੀ ਬਣਾਉਣ ਲਈ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਬਜਟ ਸਬੰਧੀ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ‘ਤੇ ਵਾਧੂ ਬੋਝ ਪਾਏ ਬਿਨਾਂ ਆਪਣੇ ਸਰੋਤਾਂ ਤੋਂ ਆਮਦਨ ਕਮਾਉਣ ਦੇ ਨਵੀਨਤਮ ਤਰੀਕਿਆਂ ‘ਤੇ ਧਿਆਨ ਦੇਣ ਦੇ ਨਾਲ-ਨਾਲ ਬੇਲੋੜੇ ਖਰਚਿਆਂ ਦੀ ਪ੍ਰਥਾ ਨੂੰ ਤਿਆਗਣ ਲਈ ਵੀ ਕਿਹਾ।
ਯੂਨੀਵਰਸਿਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਦੀ ਉਚੇਰੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਸੁਝਾਵਾਂ ਦੀ ਸਮੀਖਿਆ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕਰੇਗੀ। ਇਸ ਦੌਰਾਨ ਉਨ੍ਹਾਂ ਸੂਬੇ ਦੀ ਹਰੇਕ ਸਰਕਾਰੀ ਯੂਨੀਵਰਸਿਟੀ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h