Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਸਰਹੱਦੀ ਪੱਟੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਦੇ ਦੇਸ਼ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨਾਲ ਪੂਰੀ ਤਰ੍ਹਾਂ ਧ੍ਰੋਹ ਕਮਾਇਆ ਹੈ।
ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ‘ਸੱਚੇ ਦੇਸ਼ ਭਗਤ’ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਔਕੜ ਨੂੰ ਝੱਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਅਤੇ ਆਜ਼ਾਦੀ ਤੋਂ ਬਾਅਦ ਪਾਕਿਸਤਾਨ ਨਾਲ ਜੰਗਾਂ ਨੇ ਪੰਜਾਬ ਦੇ ਸਰਹੱਦੀ ਕਸਬਿਆਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਕਸਬੇ ਜੋ ਕਦੇ ਅਣਵੰਡੇ ਪੰਜਾਬ ਦੇ ਸਨਅਤੀ ਅਤੇ ਵਪਾਰਕ ਧੁਰੇ ਸਨ, ਹੁਣ ਛੋਟੇ-ਛੋਟੇ ਵਪਾਰਕ ਕੇਂਦਰਾਂ ਵਜੋਂ ਸਿਮਟ ਕੇ ਰਹਿ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਹੀ ਨਹੀਂ, ਸਗੋਂ ਸਰਹੱਦ ‘ਤੇ ਮਾਮੂਲੀ ਤਣਾਅ ਦਾ ਵੀ ਖਮਿਆਜ਼ਾ ਇਨ੍ਹਾਂ ਸਰਹੱਦੀ ਸ਼ਹਿਰਾਂ ਦੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।
ਸੀਐਮ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਇਨ੍ਹਾਂ ਲੋਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਦੀ ਬਜਾਏ ਪਿਛਲੀਆਂ ਸੂਬਾ ਸਰਕਾਰਾਂ ਨੇ ਇਨ੍ਹਾਂ ਖੇਤਰਾਂ ਵੱਲੋਂ ਪੂਰੀ ਤਰ੍ਹਾਂ ਅੱਖਾਂ ਬੰਦ ਕਰ ਲਈਆਂ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਸਬਿਆਂ ਦੇ ਮਿਹਨਤੀ ਅਤੇ ਬਹਾਦਰ ਲੋਕਾਂ ਨੇ ਸੂਬੇ ਵਿੱਚ ਉਦਯੋਗਾਂ ਨੂੰ ਵਿਕਸਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਕੁਝ ਨਹੀਂ ਕੀਤਾ।
ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਸਰਹੱਦੀ ਕਸਬਿਆਂ ਵਿੱਚ ਉਦਯੋਗ ਦੇ ਵਿਆਪਕ ਵਿਕਾਸ ਲਈ ਛੇਤੀ ਹੀ ਇੱਕ ਖਾਕਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਪਾਸੇ ਉਦਯੋਗ ਦੇ ਧੁਰੇ ਵਜੋਂ ਵਿਕਸਤ ਕਰਨਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣਾ ਸਮੇਂ ਦੀ ਮੁੱਖ ਲੋੜ ਹੈ। ਸੈਰ ਸਪਾਟਾ ਖੇਤਰ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾ ਕੇ ਸੂਬੇ ਭਰ ਦੇ ਸੈਰ ਸਪਾਟਾ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਰਣਜੀਤ ਸਾਗਰ ਡੈਮ ਦੀ ਮਿਸਾਲ ਦਿੰਦਿਆਂ ਕਿਹਾ ਕਿ ਸੂਬੇ ਨੂੰ ਕਈ ਕੁਦਰਤੀ ਸੋਮਿਆਂ ਦੀ ਬਖ਼ਸ਼ਿਸ਼ ਹੈ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਸੂਬੇ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਸੈਰ-ਸਪਾਟੇ ਦੇ ਨਕਸ਼ੇ ‘ਤੇ ਲਿਆਉਣ ਦੀ ਵੱਡੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਤਰੱਕੀ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।
ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਇਹ ਮੌਜੂਦਾ ਇਕਾਈਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਉਦਯੋਗਾਂ ਨਾਲ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਇਹ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮੰਤਵ 23 ਤੇ 24 ਫਰਵਰੀ ਨੂੰ ਮੁਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਉਦਯੋਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਦੁਨੀਆ ਸਾਹਮਣੇ ਦਿਖਾਉਣ ਲਈ ਸਥਾਨਕ ਸਨਅਤ ਦੀ ਸ਼ਮੂਲੀਅਤ ਸਮੇਂ ਦੀ ਲੋੜ ਹੈ।
ਮਾਨ ਨੇ ਦੁਹਰਾਇਆ ਕਿ ਸਥਾਨਕ ਉਦਯੋਗ ਨੂੰ ਵਿਸ਼ਵ ਭਰ ਵਿੱਚ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਉਭਾਰਨ ਲਈ ਸੂਬੇ ਦਾ ਬ੍ਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਉਦਯੋਗਾਂ ਲਈ ਸਭ ਤੋਂ ਵੱਧ ਬਿਹਤਰੀਨ ਮਾਹੌਲ ਮੁਹੱਈਆ ਕਰਵਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਨੂੰ ਸਿੱਧ ਵੀ ਕੀਤਾ ਹੈ ਅਤੇ ਹੁਣ ਦੁਨੀਆ ਅੱਗੇ ਸੂਬੇ ਦੀ ਅਥਾਹ ਸਮਰੱਥਾ ਦਾ ਪ੍ਰਗਟਾਵਾ ਕਰਨ ਦਾ ਸਮਾਂ ਆ ਚੁੱਕਾ ਹੈ।
ਪੰਜਾਬ ਸੀਐਮ ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ ਅਤੇ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਅਦਾਰੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਜਾਣ ਕੇ ਹੈਰਾਨ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।
ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਤੇ ਸੀਈਓ ਇਨਵੈਸਟ ਪੰਜਾਬ ਕੇ.ਕੇ.ਯਾਦਵ ਅਤੇ ਹੋਰ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h