Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਲਾਏ ਨੈਸ਼ਨਲ ਹਾਈਵੇ ‘ਤੇ ਲਗਾਏ ਧਰਨੇ ਨੂੰ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ।
ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ 'ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ..
ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ…ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ..— Bhagwant Mann (@BhagwantMann) February 10, 2023
ਉਨ੍ਹਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਨੈਸ਼ਨਲ ਹਾਈਵੇ ਦਾ ਜਾਮ ਖੋਲ੍ਹ ਦਿੱਤਾ ਜਾਵੇ> ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰੇਕ ਮਨੁੱਖ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਮਿਲੇਗਾ ਅਤੇ ਇਨ੍ਹਾਂ ਘਿਨਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨਸਾਫ਼ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਜੁਰਮਾਂ ਵਿੱਚ ਜਿਹੜੇ ਵੀ ਲੋਕ ਸ਼ਾਮਲ ਹਨ, ਉਹ ਜਲਦੀ ਹੀ ਸਲਾਖ਼ਾਂ ਪਿੱਛੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਵਿੱਚ ਨੈਸ਼ਨਲ ਹਾਈਵੇਅ ਉਤੇ ਜਾਮ ਕਾਰਨ ਆਮ ਲੋਕਾਂ ਨੂੰ ਮੁਸ਼ਕਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਬਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਉਹ ਸੰਗਤ ਨੂੰ ਵਡੇਰੇ ਲੋਕ ਹਿੱਤ ਵਿੱਚ ਸੜਕ ਤੋਂ ਧਰਨਾ ਹਟਾਉਣ ਦੀ ਅਪੀਲ ਕਰਦੇ ਹਨ। ਅਕਾਲੀਆਂ ਤੇ ਕਾਂਗਰਸੀਆਂ ਉਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਗੰਢ-ਤੁੱਪ ਕੀਤੀ ਹੋਈ ਹੈ।
ਸੀਐਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਦੋਸ਼ੇ ਧਰਨਾਕਾਰੀਆਂ ਉਤੇ ਗੋਲੀਬਾਰੀ ਦੀਆਂ ਘਟਨਾਵਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਪਰ ਕਾਂਗਰਸ ਨੇ ਬਰਗਾੜੀ ਬੇਅਦਬੀ ਤੇ ਹੋਰ ਸਬੰਧਤ ਘਟਨਾਵਾਂ ਦੀ ਬਾਰੀਕੀ ਨਾਲ ਪੜਤਾਲ ਨਾ ਕਰਵਾ ਕੇ ਦੋਸ਼ੀਆਂ ਨੂੰ ਬਚਾਉਣ ਲਈ ਸਰਗਰਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਵਾਲਾ ਅਕਾਲੀ-ਕਾਂਗਰਸ ਗਠਜੋੜ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਟੁੱਟਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਇਨ੍ਹਾਂ ਦੋਵਾਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h