ਪੰਜਾਬ ਸਰਕਾਰ ਵੱਲੋਂ ਸੂਬੇ ਦੇ 10151 ਐਸ.ਸੀ. ਨੌਜਵਾਨਾਂ ਦੇ 50-50 ਹ਼ਜਾਰ ਦੇ ਕੁੱਲ 41.48 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ।ਸੂਬਾ ਸਰਕਾਰ ਦੇ ਇਸ ਕਦਮ ਨਾਲ ਐਸ.ਸੀ. ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੂਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜ਼ਗਾਰ ਲਈ ਲਏ ਹਰ ਤਰ੍ਹਾਂ ਦੇ ਕਰਜਿ਼ਆਂ ਵਿੱਚੋਂ 50-50 ਹਜ਼ਾਰ ਰੁਪਏ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਸਵੈ-ਰੋਜ਼ਗਾਰ ਚਲਾਉਣ ਲਈ ਘੱਟ ਵਿਆਜ ਦਰ `ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਐਸ.ਸੀ. ਕਾਰਪੋਰੇਸ਼ਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਘੱਟ ਵਿਆਜ ਦਰ `ਤੇ ਮੁਹੱਈਆ ਕਰਵਾਏ ਜਾਂਦੇ ਕਰਜਿ਼ਆਂ ਦੀ ਵਸੂਲੀ ਦਰ ਲਗਭੱਗ 77 ਫੀਸਦੀ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵੱਲੋਂ ਸਵੈ-ਰੋਜ਼ਗਾਰ ਲਈ ਲਏ ਕਰਜ਼ੇ ਵਪਾਰ ਦਾ ਫੇਲ੍ਹ ਹੋਣਾ, ਲਾਭਪਾਤਰੀ ਦੀ ਮੌਤ ਹੋਣਾ, ਘਰ ਵਿੱਚ ਕੋਈ ਕਮਾਉਣ ਵਾਲਾ ਨਾ ਹੋਣਾ ਅਤੇ ਕੋਵਿਡ੍-19 ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਕਰਕੇ ਵੀ, ਵਾਪਸ ਕਰਨ `ਚ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪ੍ਰੇਸ਼ਾਨੀ `ਚੋਂ ਕੱਢਣ ਲਈ ਇਹ ਕਰਜ਼ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ ਐਸ.ਸੀ. ਨੌਜਵਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਸੀ।ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਹਿਲਾਂ ਵੀ 14260 ਐਸ.ਸੀ. ਕਰਜ਼ਦਾਰਾਂ ਦਾ 45.41 ਕਰੋੜ ਰੁਪਏ ਮੁਆਫ ਕੀਤੇ ਸਨ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂਂ ਵੱਧ ਦੇ ਕਾਰਜਕਾਲ ਦੌਰਾਨ 8662 ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਘੱਟ ਵਿਆਜ ਦਰਾਂ `ਤੇ ਕਰਜ਼ੇ ਮੁਹੱਈਆ ਕਰਵਾਏ ਹਨ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਘੱਟ ਵਿਆਜ ਦਰ `ਤੇ ਸਵੈ-ਰੋਜ਼ਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜ਼ੇ ਲਈ ਘੱਟ ਵਿਆਜ ਦਰ `ਤੇ ਕਰਜ਼ਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।