ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਤੇ 24 ਫਰਵਰੀ, 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਕਰਵਾਏ ਜਾ ਰਹੇ ‘ਨਿਵੇਸ਼ ਪੰਜਾਬ ਸੰਮੇਲਨ’ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ।
ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਡੇ ਸਮਾਗਮ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਜਿਸ ਵਿਚ ਦੇਸ਼ ਦੇ ਨਾਲ-ਨਾਲ ਵਿਸ਼ਵ ਭਰ ਤੋਂ ਉਦਯੋਗਿਕ ਦਿੱਗਜ਼ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਭਗਵੰਤ ਮਾਨ ਨੇ ਸੰਮੇਲਨ ਦੌਰਾਨ ਵੱਖ-ਵੱਖ ਵਿਸ਼ਿਆਂ ਉਤੇ ਹੋਣ ਵਾਲੇ ਤਕਨੀਕੀ ਸੈਸ਼ਨਾਂ ਦੀ ਰੂਪ-ਰੇਖਾ ਵੀ ਵਿਚਾਰੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਸਹਾਈ ਹੋਵੇਗਾ ਜਿਸ ਨਾਲ ਸੂਬਾ ਤਰੱਕੀਆਂ ਦੀ ਬੁਲੰਦੀਆਂ ਛੂਹੇਗਾ। ਉਨ੍ਹਾਂ ਕਿਹਾ ਕਿ ਘਰੇਲੂ ਅਤੇ ਆਲਮੀ ਨਿਵੇਸ਼ਕਾਰਾਂ ਦਰਮਿਆਨ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨਿਵੇਸ਼ ਪੰਜਾਬ ਇਸ ਮੌਕਾ ਦਾ ਭਰਪੂਰ ਲਾਭ ਉਠਾਏਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਖਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਸੂਬੇ ਦੇ ਮੋਹਰੀ ਉੱਦਮੀਆਂ ਦੀ ਸਿੱਧੀ ਗੱਲਬਾਤ ਕਰਨ ਦੀ ਵਿਵਸਥਾ ਵੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਦੀ ਜਾਣਕਾਰੀ ਦੇ ਤਕਨੀਕੀ ਵਿਚਾਰ-ਵਟਾਂਦਰੇ ਦੇ ਨਾਲ-ਨਾਲ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਖੋਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਪੰਜਾਬ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੂਬੇ ਵਿੱਚ ਆਉਣ ਵਾਲੀ ਆਲਮੀ ਇੰਡਸਟਰੀ ਤੋਂ ਪਹਿਲਾਂ ‘ਬ੍ਰਾਂਡ ਪੰਜਾਬ’ ਨੂੰ ਸਹੀ ਢੰਗ ਨਾਲ ਉਭਾਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਮੇਲਨ ਉਦਯੋਗਿਕ ਖੇਤਰ ਵਿੱਚ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਵਿਸ਼ਵ ਦੇ ਸਾਹਮਣੇ ਦਿਖਾਉਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਕਿ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h