Punjab Minister Aman Arora: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਅਫੋਰਡੇਬਲ ਹਾਊਸਿੰਗ ਪਾਲਿਸੀ-2023, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਆਮ ਲੋਕਾਂ ਦਾ ਆਪਣਾ ਮਕਾਨ ਬਣਾਉਣ ਦਾ ਸੁਪਨਾ ਸਾਕਾਰ ਕਰਨ ਦੇ ਨਾਲ-ਨਾਲ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਇਹ ਨਵੀਂ ਨੀਤੀ ਸਮਾਜ ਦੇ ਹੇਠਲੇ-ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਵਾਸਤੇ ਡਿਵੈੱਲਪਰਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ।
ਇਸ ਨੀਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਗਮਾਡਾ ਖੇਤਰ ਨੂੰ ਛੱਡ ਕੇ ਜਿੱਥੇ ਨਵੀਂ ਕਾਲੋਨੀ ਲਈ ਘੱਟੋ-ਘੱਟ ਰਕਬਾ 25 ਏਕੜ ਹੋਣਾ ਚਾਹੀਦਾ ਹੈ, ਬਾਕੀ ਜਗ੍ਹਾ ਉਤੇ ਪਲਾਟਾਂ ਵਾਲੀਆਂ ਕਾਲੋਨੀਆਂ ਵਾਸਤੇ ਘੱਟੋ-ਘੱਟ 5 ਏਕੜ ਰਕਬਾ ਨਿਰਧਾਰਤ ਕੀਤਾ ਗਿਆ ਹੈ, ਜਦੋਂਕਿ ਗਰੁੱਪ ਹਾਊਸਿੰਗ ਲਈ ਘੱਟੋ-ਘੱਟ ਰਕਬਾ 2.5 ਏਕੜ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਪਲਾਟ ਦਾ ਆਕਾਰ ਵੱਧ ਤੋਂ ਵੱਧ 150 ਵਰਗ ਗਜ਼ ਤੱਕ ਅਤੇ ਫਲੈਟ ਦਾ ਆਕਾਰ ਵੱਧ ਤੋਂ ਵੱਧ 90 ਵਰਗ ਮੀਟਰ ਤੱਕ ਨਿਰਧਾਰਤ ਕੀਤਾ ਗਿਆ ਹੈ।
ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਪਲਾਟ ਮੁਹੱਈਆ ਕਰਵਾਉਣ ਲਈ ਵੇਚਣਯੋਗ ਖੇਤਰ ਨੂੰ 62 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕੀਤਾ ਗਿਆ ਹੈ ਅਤੇ ਪਲਾਟਾਂ ਵਾਲੇ ਖੇਤਰ ਵਿੱਚੋਂ ਲੰਘਦੀ ਕਿਸੇ ਵੀ ਮਾਸਟਰ ਪਲਾਨ ਸੜਕ ਸਮੇਤ ਪ੍ਰਾਜੈਕਟ ਦੇ ਕੁੱਲ ਪਲਾਟ ਖੇਤਰ ਉਤੇ ਵੇਚਣਯੋਗ ਰਕਬਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹਰਿਆਲੀ ਹੇਠ ਘੱਟੋ-ਘੱਟ ਰਕਬਾ ਸਾਈਟ ਖੇਤਰ ਦਾ 10 ਫ਼ੀਸਦੀ ਤੋਂ 7.5 ਫ਼ੀਸਦੀ ਨਿਸ਼ਚਿਤ ਕੀਤਾ ਗਿਆ ਹੈ ਅਤੇ ਅਜਿਹੇ ਪ੍ਰਾਜੈਕਟਾਂ ਵਿੱਚ ਅੰਦਰਲੀਆਂ ਸੜਕਾਂ ਦੀ ਘੱਟੋ-ਘੱਟ ਚੌੜਾਈ 30 ਫੁੱਟ ਹੋਵੇਗੀ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਵਿਅਕਤੀਗਤ ਪਲਾਟ ਮਾਲਕਾਂ ਤੋਂ ਬੋਝ ਘਟਾਉਣ ਲਈ ਸਾਧਾਰਨ ਕਾਲੋਨੀ ‘ਤੇ ਲਾਗੂ ਹੋਣ ਵਾਲੇ ਸੀ.ਐਲ.ਯੂ., ਈ.ਡੀ.ਸੀ. ਅਤੇ ਲਾਇਸੈਂਸ ਫੀਸ ਨੂੰ ਵੀ ਘਟਾ ਕੇ 50 ਫ਼ੀਸਦੀ ਜਾਂ ਅੱਧੀ ਕਰ ਦਿੱਤਾ ਗਿਆ ਹੈ ਪਰ ਗਮਾਡਾ ਖੇਤਰ ਵਿੱਚ ਇਨ੍ਹਾਂ ਚਾਰਜਿਜ਼ ‘ਚ ਕਟੌਤੀ ਲਾਗੂ ਨਹੀਂ ਹੋਵੇਗੀ।
The Punjab Affordable Housing Policy-2023 approved by Punjab Cabinet, will fulfil the common man's aspirations to own a dream house and will further give a push to revival of the real estate sector in the state, said Housing and Urban Development (H&UD) Minister @AroraAmanSunam. pic.twitter.com/un6g9dguG4
— Government of Punjab (@PunjabGovtIndia) February 22, 2023
ਅਰੋੜਾ ਨੇ ਦੱਸਿਆ ਕਿ ਅਫੋਰਡੇਬਲ ਕਾਲੋਨੀਆਂ ਸਬੰਧੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਾਸਤੇ ਸਥਾਨਕ ਪੱਧਰ ‘ਤੇ ਪ੍ਰਵਾਨਗੀਆਂ ਲਈ ਸਾਰੀਆਂ ਸ਼ਕਤੀਆਂ ਸਬੰਧਤ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਕੈਬਿਨਟ ਮੰਤਰੀ ਨੇ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਖ-ਵੱਖ ਰੈਗੂਲੇਟਰੀ ਅਥਾਰਟੀਆਂ ਜਿਵੇਂ ਪੀ.ਐੱਸ.ਪੀ.ਸੀ.ਐੱਲ., ਪੀ.ਪੀ.ਸੀ.ਬੀ. ਆਦਿ ਨਾਲ ਮੀਟਿੰਗਾਂ ਕਰਕੇ ਪ੍ਰਮੋਟਰਾਂ ਨੂੰ ਸਮਾਂਬੱਧ ਢੰਗ ਨਾਲ ਐਨ.ਓ.ਸੀਜ਼. ਪ੍ਰਾਪਤ ਕਰਨ ਵਿੱਚ ਮਦਦ ਕਰੇਗਾ ਅਤੇ ਪ੍ਰਵਾਨਗੀਆਂ ਸਬੰਧੀ ਕੇਸਾਂ ਦੇ ਜਲਦ ਨਿਪਟਾਰੇ ਲਈ ਉੱਚ ਪੱਧਰ ‘ਤੇ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ।
ਪੰਜਾਬ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਨੀਤੀ ਪ੍ਰਮੋਟਰਾਂ ਨੂੰ ਆਪਣੀਆਂ ਕਾਲੋਨੀਆਂ ਨਿਰਵਿਘਨ ਢੰਗ ਨਾਲ ਮਨਜ਼ੂਰ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਣਅਧਿਕਾਰਤ ਕਾਲੋਨੀਆਂ ਦੇ ਨਿਰਮਾਣ ‘ਤੇ ਰੋਕ ਲਗਾਏਗੀ ਜਿਸ ਨਾਲ ਸੂਬੇ ਵਿੱਚ ਰੀਅਲ ਅਸਟੇਟ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h