ਚੰਡੀਗੜ੍ਹ: ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਾਜ਼ਗਾਰ ਹੋਣ ਦੀ ਗੱਲ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਲਈ ਢੁੱਕਵਾਂ ਮਾਹੌਲ ਸਿਰਜਣ ਦੇ ਨਾਲ ਨਾਲ ਪੰਜਾਬ ਤੇ ਜਾਪਾਨ ਦਰਮਿਆਨ ਦੁਵੱਲੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ।
ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐਸ.ਬੀ.), ਮੋਹਾਲੀ ਵਿਖੇ ਕਰਵਾਏ ਗਏ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪਹਿਲੇ ਦਿਨ “ਜਾਪਾਨ- ਪਾਰਟਨਰ ਕੰਟਰੀ” ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਾਰੋਬਾਰ ਨੂੰ ਹੋਰ ਸੌਖਾਲਾ ਬਣਾਉਣਾ, ਰੋਜ਼ਗਾਰ ਦੇ ਢੁਕਵੇਂ ਮੌਕੇ ਪੈਦਾ ਕਰਨਾ, ਮਜ਼ਬੂਤ ਬੁਨਿਆਦੀ ਢਾਂਚੇ ਤੱਕ ਪਹੁੰਚ ਅਤੇ ਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ।
ਕੌਮੀ ਆਰਥਿਕ ਵਿਕਾਸ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਕੁੱਲ ਰਕਬਾ ਭਾਰਤ ਦੇ ਭੂਮੀ ਖੇਤਰ ਦਾ ਮਹਿਜ਼ 1.5 ਫੀਸਦ ਬਣਦਾ ਹੈ ਪਰ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿੱਚ ਸੂਬੇ ਦਾ ਯੋਗਦਾਨ 3 ਫੀਸਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੌਮਾਂਤਰੀ ਪੱਧਰ ਉਤੇ ਕਾਰੋਬਾਰ ਵਾਲੀ ਨਵੀਂ ਥਾਂ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਦੇ ਅੰਨ ਭੰਡਾਰ ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਕਿ ਕੇਂਦਰੀ ਪੂਲ ਦੇ ਅਨਾਜ ਵਿੱਚ ਸੂਬਾ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ।
ਪੰਜਾਬ ਵਿੱਚ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਸਾਈਕਲ ਨਿਰਮਾਣ, ਇੰਜਨੀਅਰਿੰਗ, ਆਟੋ ਕੰਪੋਨੈਂਟਸ, ਮਸ਼ੀਨ ਟੂਲਜ਼, ਫਾਰਮਾਸਿਊਟੀਕਲ, ਆਈ.ਟੀ. ਅਤੇ ਸੈਰ-ਸਪਾਟਾ ਖੇਤਰ ਵਿੱਚ ਅਥਾਹ ਸਮਰੱਥਾ ਹੈ ਅਤੇ ਪੰਜਾਬ ਦੀ ਅਰਥਵਿਵਸਥਾ ਦੇਸ਼ ਵਿੱਚ ਤੇਜ਼ੀ ਨਾਲ ਅੱਗੇ ਵਧ ਰਹੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜਾਪਾਨ ਨਾਲ ਲੰਬੇ ਸਮੇਂ ਤੋਂ ਸੱਭਿਆਚਾਰਕ ਅਤੇ ਦੁਵੱਲੇ ਵਪਾਰਕ ਸਬੰਧ ਚੱਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਜਾਪਾਨ ਨੂੰ 336 ਕਰੋੜ ਰੁਪਏ ਦੀਆਂ ਵਸਤਾਂ ਬਰਾਮਦ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਾਪਾਨ, ਉਦਯੋਗੀਕਰਨ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਾਸਤੇ ਮੋਹਰੀ ਦੇਸ਼ਾਂ ਵਿੱਚੋਂ ਇੱਕ ਹੈ।
ਡੈਲੀਗੇਟਾਂ ਨੂੰ ਨਿਵੇਸ਼ ਲਈ ਬਿਹਤਰੀਨ ਸੂਬੇ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਨੇ ਪੰਜਾਬ ਨੂੰ ਵਪਾਰ ਲਈ ਸਭ ਤੋਂ ਸੁਰੱਖਿਅਤ ਸਥਾਨ ਦੱਸਿਆ।
ਸੂਬੇ ਵਿੱਚ 100 ਤੋਂ ਵੱਧ ਜਾਪਾਨੀ ਵਪਾਰਕ ਅਦਾਰਿਆਂ ਦੇ ਹੋਣ ਦਾ ਜ਼ਿਕਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਵੱਲੋਂ ਨਿਰਮਾਣ, ਟੈਕਨਾਲੋਜੀ, ਮਾਰਕੀਟ ਸਹਾਇਤਾ ਜਿਹੇ ਖੇਤਰਾਂ ਵਿੱਚ ਜਾਪਾਨ ਦੇ ਉਦਯੋਗਾਂ ਨਾਲ ਕੀਤੀ ਭਾਈਵਾਲੀ ਸਫ਼ਲ ਰਹੀ ਹੈ। ਸੂਬੇ ਵਿੱਚ ਨਿਵੇਸ਼ ਕਰਨ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਆਈਚੀ ਸਟੀਲਜ਼- ਸਟੀਲ ਆਰਮ ਆਫ਼ ਟੋਇਟਾ, ਯਾਨਮਾਰ, ਐਸਐਮਐਲ ਇਸੂਜ਼ੂ, ਟੋਪਾਨ, ਮਿਤਸੂਈ, ਗੁਨਮਾ ਸੇਈਕੋ ਐਂਡ ਕੋਇਓ ਸ਼ਾਮਲ ਹਨ।
ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਢਾਕਾ ਨੇ ਪੰਜਾਬ ਵਿੱਚ ਉਦਯੋਗਾਂ ਨੂੰ ਦਿੱਤੇ ਜਾ ਰਹੇ ਪ੍ਰੋਤਸਾਹਨ ਅਤੇ ਹੋਰ ਸੇਵਾਵਾਂ ਬਾਰੇ ਪੇਸ਼ਕਾਰੀ ਦਿੰਦੇ ਹੋਏ ਕਿਹਾ ਕਿ ਬਿਜਲੀ ਸਰਪਲੱਸ ਸੂਬੇ ਪੰਜਾਬ ਵਿੱਚ ਬਿਜਲੀ ਡਿਊਟੀ ਵਿੱਚ ਛੋਟ ਦੇ ਨਾਲ-ਨਾਲ ਲੈਂਡ ਡਿਵੈੱਲਪਮੈਂਟ ਚਾਰਜ ਅਤੇ ਸਟੈਂਪ ਡਿਊਟੀ ਤੋਂ 100 ਫੀਸਦ ਛੋਟ/ਮੁਆਵਜ਼ੇ ਦੀ ਸਹੂਲਤ ਵੀ ਦੇ ਰਿਹਾ ਹੈ। ਪੰਜਾਬ ਵਿੱਚ ਬਿਹਤਰੀਨ ਸੜਕ ਨੈੱਟਵਰਕ ਦੇ ਨਾਲ ਨਾਲ ਉੱਤਮ ਲਾਜਿਸਟਿਕਸ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਦੋ ਅੰਤਰਰਾਸ਼ਟਰੀ ਅਤੇ ਚਾਰ ਘਰੇਲੂ ਹਵਾਈ ਅੱਡੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h