ਪੰਜਾਬ ਖੇਡ ਮੰਤਰੀ ਦਾ ਸੂਬੇ ਦੇ ਖਿਡਾਰੀਆੰ ਨੂੰ ਤੋਹਫ਼ਾ, ਜਲਦ ਜਾਰੀ ਕੀਤੀ ਜਾਵੇਗੀ ਨਵੀਂ ਖੇਡ ਨੀਤੀ, ਮਿਲਣਗੀਆੰ ਇਹ ਸਹੂਲਤਾੰ
Gurmeet Singh Meet Hayer: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਵਿੱਚ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਹੇਠਲੇ ਪੱਧਰ ‘ਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ‘ਤੇ ਕੇਂਦਰਿਤ ਹੋਵੇਗੀ।
ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਖੇਡ ਨੀਤੀ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਖਰੜੇ ‘ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਖੇਤਰ ਨੂੰ ਪ੍ਰਮੁੱਖ ਤਰਜੀਹ ਦੇਣ ਦੇ ਨਿਰਦੇਸ਼ਾਂ ਤਹਿਤ ਖੇਡ ਨੀਤੀ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਜਾਵੇਗਾ ਕਿ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਕਰਵਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਓਲੰਪਿਕਸ ਦੀ ਤਿਆਰੀ ਲਈ ਅਥਲੀਟ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਭਵਿੱਖ ਵਿੱਚ ਹੋਰਨਾਂ ਵੱਡੇ ਮੁਕਾਬਲਿਆਂ ਦੀ ਤਿਆਰੀ ਲਈ ਵੀ ਖਿਡਾਰੀਆਂ ਨੂੰ ਨਗਦ ਰਾਸ਼ੀ ਦੇਣ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਮੁਕਾਬਲੇ ਲਈ ਤਿਆਰ ਕਰਨਾ ਵੱਡੀ ਗੱਲ ਹੈ, ਤਮਗ਼ਾ ਜਿੱਤਣ ਤੋਂ ਬਾਅਦ ਤਾਂ ਹਰ ਕੋਈ ਇਨਾਮ, ਮਾਣ-ਸਨਮਾਨ ਦੇ ਦਿੰਦਾ ਹੈ ਪਰ ਲੋੜ ਹੈ ਮੁਕਾਬਲੇ ਤੋਂ ਪਹਿਲਾਂ ਤਿਆਰੀ ਲਈ ਮੱਦਦ ਕੀਤੀ ਜਾਵੇ।
ਖੇਡ ਮੰਤਰੀ ਨੇ ਦੱਸਿਆ ਕਿ ਕੌਮੀ ਪੱਧਰ ਦੇ ਸੀਨੀਅਰ ਤੇ ਜੂਨੀਅਰ ਮੁਕਾਬਲਿਆਂ ਦੇ ਤਮਗ਼ਾ ਜੇਤੂਆਂ ਨੂੰ ਹਰ ਮਹੀਨੇ ਵਜ਼ੀਫਾ ਦੇਣ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ। ਮੀਟਿੰਗ ਵਿੱਚ ਇਹ ਵਿਚਾਰ ਕੀਤਾ ਗਿਆ ਕਿ ਇਸ ਦਾ ਦਾਇਰਾ ਵਧਾਇਆ ਜਾਵੇ ਅਤੇ ਵਜ਼ੀਫ਼ਾ ਰਾਸ਼ੀ ਵੀ ਵਧਾਈ ਜਾਵੇ।
ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੇ ਤਮਗ਼ੇ ਅਨੁਸਾਰ ਨੌਕਰੀ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ।ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤਾ ਜਾਵੇਗਾ। ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਤਿਆਰ ਵਾਲੇ ਕੋਚਾਂ ਨੂੰ ਵੀ ਅਣਗੌਲਿਆ ਨਹੀਂ ਕੀਤਾ ਜਾਵੇਗਾ।
ਕਾਲਜਾਂ-ਯੂਨੀਵਰਸਿਟੀਆਂ ਵਿੱਚ ਖੇਡ ਮੁਕਾਬਲਿਆਂ ਦਾ ਪੱਧਰ ਉਚਾ ਚੁੱਕਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਅੰਤਰ ‘ਵਰਸਿਟੀ ਖੇਡ ਮੁਕਾਬਲੇ ਕਰਵਾਏ ਜਾਣਗੇ। ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਲਈ ਲੰਬੇ ਸਮੇਂ ਦੀਆਂ ਯੋਜਨਾਵਾਂ ਦਾ ਖਾਕਾ ਉਲੀਕਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਨੀਤੀ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ।
After discussing draft of new sports policy with experts' committee, Sports Minister @meet_hayer said that new sports policy will prepare players for international competitions at grassroots level, honour winners of national competitions, give jobs to players, & awards to coaches pic.twitter.com/O1vKMFnINy
— Government of Punjab (@PunjabGovtIndia) March 2, 2023
ਉਹ ਨਿਰੰਤਰ ਇਸ ਦੀਆਂ ਮੀਟਿੰਗਾਂ ਕਰਕੇ ਇੱਕ-ਇੱਕ ਨੁਕਤੇ ‘ਤੇ ਮਾਹਿਰਾਂ ਨਾਲ ਵਿਚਾਰ ਕਰ ਰਹੇ ਹਨ। ਜਲਦ ਹੀ ਨਵੀਂ ਖੇਡ ਨੀਤੀ ਜਾਰੀ ਕੀਤੀ ਜਾਵੇਗੀ। ਮੀਟਿੰਗ ਵਿੱਚ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ.ਚੀਮਾ, ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਿਪਟੀ ਡਾਇਰੈਕਟਰ ਲਲਿਤ ਲੋਹਾਨੀ, ਡਾਇਰੈਕਟਰ ਉਚੇਰੀ ਸਿੱਖਿਆ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ (ਕਾਲਜਾਂ) ਡਾ.ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ (ਸਕੂਲਾਂ) ਸੁਨੀਲ ਕੁਮਾਰ ਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h