ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ।
ਇਸ ਉਪਰੰਤ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ।

ਦਰੋਪਦੀ ਮੁਰਮੂ ਵੀਰਵਾਰ ਦੁਪਹਿਰ 12 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਇਸ ਕਾਰਨ ਦੁਪਹਿਰ 12 ਤੋਂ 1 ਵਜੇ ਤੱਕ ਅੰਮ੍ਰਿਤਸਰ ਏਅਰਪੋਰਟ ਰੋਡ ਪੂਰੀ ਤਰ੍ਹਾਂ ਬੰਦ ਰਹੀ। ਇਸ ਦੇ ਨਾਲ ਹੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਈਆਂ।

ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਸਨ। ਲੰਡਨ ਲਈ ਏਅਰ ਇੰਡੀਆ ਦੀ ਫਲਾਈਟ ਦੁਪਹਿਰ 1.00 ਵਜੇ ਅਤੇ ਬਰਮਿੰਘਮ ਲਈ 1.55 ਵਜੇ ਰਵਾਨਾ ਹੋਈ। ਦੋਵਾਂ ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਰਾਸ਼ਟਰਪਤੀ ਦੇ ਦੌਰੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤੋਂ ਲੈ ਕੇ ਸਿਵਲ ਪ੍ਰਸ਼ਾਸਨ ਸੁਰੱਖਿਆ ਦੇ ਲਿਹਾਜ਼ ਨਾਲ ਚੌਕਸ ਹੋ ਗਿਆ ਹੈ। ਪੁਲੀਸ ਨੇ ਅੱਜ ਟਰੈਫਿਕ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਹੈ। ਇਸ ਸਬੰਧੀ ਵਿਸ਼ੇਸ਼ ਰੋਡ ਮੈਪ ਤਿਆਰ ਕੀਤਾ ਗਿਆ ਹੈ ਤਾਂ ਜੋ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਦੇਸ਼ ਦੇ ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸੜਕ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਸਭ ਤੋਂ ਪਹਿਲਾਂ ਰਾਸ਼ਟਰਪਤੀ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ, ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਵਾਲਮੀਕਿ ਤੀਰਥ ਦੇ ਦਰਸ਼ਨ ਕਰਨਗੇ।

ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਏਅਰਪੋਰਟ, ਹਾਲ ਗੇਟ, ਸ੍ਰੀ ਦਰਬਾਰ ਸਾਹਿਬ ਰੋਡ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਰੂਟ 3 ਤੋਂ 4 ਵਜੇ ਤੱਕ ਦੁਬਾਰਾ ਬੰਦ ਰਹੇਗਾ।