ਪਟਿਆਲਾ ਜ਼ਿਲ੍ਹੇ ‘ਚ ਫ਼ਸਲੀ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੁਣੇ ਤੋਂ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ ‘ਤੇ ਜਾਗਰੂਕਤਾ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ, ਇਸੇ ਲੜੀ ਤਹਿਤ ਅੱਜ ਭਾਦਸੋਂ ਵਿਖੇ ਅਨਾਜ ਮੰਡੀ ‘ਚ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਲਈ ਉਤਸ਼ਾਹਤ ਕਰਨ ਲਈ ਕੈਂਪ ਲਗਾਇਆ ਗਿਆ, ਜਿਸ ‘ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
ਸਾਕਸ਼ੀ ਸਾਹਨੀ ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਅਤੇ ਦੂਸ਼ਿਤ ਹੋ ਰਿਹਾ ਵਾਤਾਵਰਣ ਚਿੰਤਾ ਦਾ ਵਿਸ਼ਾ ਹੈ ਜੇਕਰ ਅਸੀ ਹੁਣ ਵੀ ਇਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦੇ ਘਾਤਕ ਨਤੀਜੇ ਸਾਨੂੰ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੂੰਗੀ ‘ਤੇ ਐਮ.ਐਸ.ਪੀ. ਸਮੇਤ ਫਲਾਂ ਤੇ ਫੁੱਲਾਂ ਦੀ ਕਾਸ਼ਤ ਕਰਨ ਵਾਲਿਆਂ ਲਈ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਂਆਂ ਤਕਨੀਕਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਜੋ 3 ਹਜ਼ਾਰ ਹੈਕਟੇਅਰ ਹੋਰ ਰਕਬਾ ਫ਼ਸਲੀ ਵਿਭਿੰਨਤਾ ਹੇਠ ਲਿਆਉਣ ਦਾ ਟੀਚਾ ਹੈ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ‘ਚ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਤੇ ਗੰਨੇ ਦੀਆਂ ਕਿਸਮਾਂ ਸਮੇਤ ਮਾਹਰਾਂ ਵੱਲੋਂ ਜ਼ਰੂਰੀ ਸੁਝਾਅ ਦਿੱਤੇ ਗਏ ਹਨ।
ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਅਹਿਦ ਨੂੰ ਪੂਰਾ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਰਵਾਇਤੀ ਫ਼ਸਲੀ ਚੱਕਰ ‘ਚੋਂ ਨਿਕਲਕੇ ਹੋਰਨਾਂ ਫ਼ਸਲਾਂ ਦੀ ਕਾਸ਼ਤ ਕਰਨ ਨੂੰ ਤਰਜੀਹ ਦੇਣ ਅਤੇ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਲਾਭ ਉਠਾਉਣ।
ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿਥੇ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਜਾਗਰੂਕਤਾ ਵੈਨ ਰਾਹੀਂ ਵੀ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਸਟਾਲਾਂ ਲਗਾਈਆਂ ਗਈਆਂ ਤੇ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਜਾਗਰੂਕਤਾ ਕੈਂਪ ‘ਚ ਐਸ.ਡੀ.ਐਮ. ਨਾਭਾ ਦਮਨਦੀਪ ਕੌਰ, ਗੁਲਜਾਰ ਸਿੰਘ, ਸੁਧੀਰ ਕੁਮਾਰ, ਪ੍ਰੋ. ਰਜਿੰਦਰ ਕੁਮਾਰ, ਸਹਾਇਕ ਗੰਨਾ ਵਿਕਾਸ ਅਫ਼ਸਰ ਗੁਰਦੇਵ ਸਿੰਘ ਸਮੇਤ ਖੇਤੀਬਾੜੀ ਵਿਭਾਗ ਦਾ ਸਟਾਫ਼ ਤੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h