Samana toll plaza Closed: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ ਟੋਲ ਪਲਾਜ਼ਾ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ 9ਵਾਂ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ 3 ਲੱਖ 80 ਹਜ਼ਾਰ ਰੁਪਏ ਦੀ ਬੱਚਤ ਹੋਵੇਗੀ। ਇਸ ਟੋਲ ਦਾ ਸਮਝੌਤਾ 1 ਸਤੰਬਰ 2005 ਨੂੰ ਸਾਢੇ 16 ਸਾਲਾਂ ਲਈ ਹੋਇਆ ਸੀ। ਪਰ ਸਰਕਾਰ ਨੇ ਸਮੇਂ ਸਿਰ ਲੋੜੀਂਦਾ ਕੰਮ ਪੂਰਾ ਨਾ ਕਰਨ ਕਰਕੇ 1 ਕਰੋੜ 6 ਲੱਖ 48 ਹਜ਼ਾਰ ਰੁਪਏ ਦਾ ਡੈਮੇਜ ਕੰਟਰੋਲ ਵੀ ਲਗਾਇਆ ਸੀ।
ਇਸ ਦੌਰਾਨ ਸੀਐਮ ਮਾਨ ਨਾਲ ਵਿਧਾਇਕ ਤੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਮੰਤਰੀ ਹਰਭਜਨ ਸਿੰਘ, ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਤੇ ਹੋਰ ਵਿਧਾਇਕ ਤੇ ਆਗੂ ਹਾਜ਼ਰ ਰਹੇ। ਸੀਐਮ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ 24 ਜੂਨ 2013 ਨੂੰ ਬੰਦ ਹੋ ਸਕਦਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ।
ਸੀਐਮ ਮਾਨ ਨੇ ਕਿਹਾ ਕਿ ਟੋਲ ਦਾ ਨਿਪਟਾਰਾ ਕਾਂਗਰਸ ਦੇ ਕਾਰਜਕਾਲ ਦੌਰਾਨ ਹੋਇਆ ਸੀ ਤੇ ਇਹ ਅਕਾਲੀ ਸਰਕਾਰ ਵੇਲੇ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਸਹੀ ਕੰਮ ਨਾ ਕਰਨ ਕਾਰਨ 16 ਅਕਤੂਬਰ 2018 ਨੂੰ ਟੋਲ ਸਮਝੌਤਾ ਰੱਦ ਕੀਤਾ ਜਾ ਸਕਦਾ ਸੀ। ਪਰ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਵੀ ਇਸ ਨੂੰ ਬੰਦ ਨਹੀਂ ਕੀਤਾ ਗਿਆ। ‘ਆਪ’ ਦੀ ਸਰਕਾਰ ਨੇ ਨੋਟਿਸ ਭੇਜਿਆ ਤਾਂ ਟੋਲ ਆਪਰੇਟਰ ਕੰਪਨੀ ਅਦਾਲਤ ‘ਚ ਪਹੁੰਚੀ। ਪਰ ਸੂਬਾ ਸਰਕਾਰ ਨੇ ਕੇਸ ਜਿੱਤ ਕੇ ਇਸ ਨੂੰ ਬੰਦ ਕਰ ਦਿੱਤਾ।
ਪਹਿਲਾਂ ਬੰਦ ਕੀਤੇ ਟੋਲ ਪਲਾਜ਼ੇ
1. ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਸੰਗਰੂਰ-ਲੁਧਿਆਣਾ ਰੋਡ ‘ਤੇ 2 ਟੋਲ ਪਲਾਜ਼ੇ ਬੰਦ ਕੀਤੇ ਸਨ।
2. ਹੁਸ਼ਿਆਰਪੁਰ-ਟਾਂਡਾ ਰੋਡ ‘ਤੇ 1 ਟੋਲ ਪਲਾਜ਼ਾ ਬੰਦ।
3. ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ‘ਤੇ 3 ਟੋਲ ਪਲਾਜ਼ੇ ਬੰਦ ਕੀਤੇ।
4. ਹਾਈ ਲੈਵਲ ਬ੍ਰਿਜ ਮਖੂ 1 ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ।
5. ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ ‘ਤੇ 1 ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ।
6. 12 ਅਪ੍ਰੈਲ ਨੂੰ ਪਟਿਆਲਾ-ਸਮਾਣਾ-ਪਟਵਾਰ ‘ਤੇ 1 ਟੋਲ ਬੰਦ ਕਰਵਾਇਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਤੇ ਕੋਵਿਡ ਮਹਾਂਮਾਰੀ ਦਾ ਬਹਾਨਾ ਲਗਾ ਕੇ ਕੰਪਨੀ ਨੇ ਟੋਲ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਪਹਿਲੇ ਮੁੱਖ ਮੰਤਰੀਆਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਦੀ ਪਰਵਾਹ ਨਹੀਂ ਕੀਤੀ, ਸਗੋਂ ਕੰਪਨੀ ਦੇ ਹਿੱਤਾਂ ਪੂਰਨ ਲਈ ਦਿਨ-ਰਾਤ ਕੰਮ ਕੀਤਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਲੋਕਾਂ ਤੋਂ ਲੁੱਟਿਆ ਇਕ-ਇਕ ਪੈਸਾ ਹਰ ਹੀਲੇ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਕੰਪਨੀ ਵਿਰੁੱਧ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਕ ਸਾਲ ਪਹਿਲਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦਾ ਬਟਨ ਦਬਾ ਕੇ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਚੁਣਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਾਲ ਦੇ ਅੰਦਰ-ਅੰਦਰ ਉਹ ਰੋਜ਼ਾਨਾ ਚਾਰ ਤੋਂ ਪੰਜ ਬਟਨ ਦਬਾ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰਾਜੈਕਟ ਸਮਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣੇਗਾ।
ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਇਸ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਦੂਰ ਨਹੀਂ ਹੈ ਕਿਉਂਕਿ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਤਾਂ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਪਹਿਲਾਂ ਵੀ ਹੋ ਸਕਦਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਭਾਵ ਰੱਖਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਦਾ ਪੁੱਤਰ ਇੰਨੇ ਪ੍ਰਭਾਵਸ਼ਾਲੀ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਦੇ ਹਿੱਤਾਂ ਦੀ ਪਰਵਾਹ ਕੀਤੇ ਬਗ਼ੈਰ ਆਪਣੇ ਫਾਇਦਿਆਂ ਲਈ ਕੰਮ ਕਰਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਕੂਲ ਅਧਿਆਪਕ ਦਾ ਪੁੱਤ ਲੋਕਾਂ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h