Sangrur News: ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੌਮੀ ਮਾਰਗ ‘ਤੇ ਨਿਯਮਾਂ ਦੀ ਉਲੰਘਣਾ ਕਾਰਨ ਪੂਰਾ ਦਿਨ ਆਮ ਲੋਕਾਂ ਲਈ ਟੋਲ ਪਲਾਜ਼ਾ ਫਰੀ ਰੱਖਿਆ ਗਿਆ। ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ 20 ਦਿਨਾਂ ਅੰਦਰ ਟੋਲ ਪਲਾਜ਼ਾ ਦੇ ਪ੍ਰਬੰਧ ਨੂੰ ਦਰੁਸਤ ਕਰਨ ਲਈ ਕਿਹਾ।
ਦੱਸ ਦਈਏ ਕਿ ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ਪਟਿਆਲਾ-ਸੰਗਰੂਰ ਕੌਮੀ ਮਾਰਗ ’ਤੇ ਨਿਯਮਾਂ ਦੀ ਅਣਦੇਖੀ ਦਾ ਸਖ਼ਤ ਨੋਟਿਸ ਲਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕਾਲਾਝਾੜ ਵਿਖੇ ਸਥਿਤ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਨੂੰ 10 ਦਿਨਾਂ ਅੰਦਰ ਪ੍ਰਬੰਧ ਦਰੁਸਤ ਕਰਨ ਦੀ ਹਦਾਇਤ ਕੀਤੀ ਸੀ ਪਰ ਉਸ ਹਦਾਇਤ ਦੀ ਪਾਲਣਾ ਨਾ ਹੋਣ ਕਾਰਨ ਭਰਾਜ ਵੱਲੋਂ ਮੁੜ ਟੋਲ ਪਲਾਜ਼ਾ ਵਿਖੇ ਨੈਸ਼ਨਲ ਹਾਈਵੇਜ਼ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ, ਟੋਲ ਇਕੱਤਰ ਕਰਨ ਵਾਲੇ ਠੇਕੇਦਾਰਾਂ ਤੇ ਰੱਖ-ਰਖਾਅ ਕਰਨ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਅਗਲੇ 20 ਦਿਨਾਂ ਦੇ ਅੰਦਰ-ਅੰਦਰ ਪ੍ਰਬੰਧ ਸਹੀ ਕਰਨ ਦੇ ਨਿਰਦੇਸ਼ ਦਿੱਤੇ।
ਵਿਧਾਇਕ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਇਸ ਸਮੇਂ ਦੌਰਾਨ ਠੇਕੇਦਾਰਾਂ ਨੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਨਾ ਬਣਾਈ ਤਾਂ ਟੋਲ ਪਲਾਜ਼ਾ ਨੂੰ ਨਿਯਮਾਂ ਦਾ ਪਾਲਣ ਹੋਣ ਤੱਕ ਪੱਕੇ ਤੌਰ ’ਤੇ ਟੋਲ ਫੀਸ ਮੁਕਤ ਕਰਵਾਉਣ ਦੀ ਕਵਾਇਦ ਉਲੀਕੀ ਜਾਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਵੱਲੋਂ ਟੋਲ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕਾਂ ਲੋੜੀਂਦੀਆਂ ਸਹੂਲਤਾਂ ਤੇ ਸੜਕ ਦੀ ਹਾਲਤ ਸੁਧਾਰਨ ਦੇ ਨਿਰਦੇਸ਼ ਦਿੱਤੇ ਸਨ ਪਰ ਰੱਖ-ਰਖਾਅ ਕਰਨ ਵਾਲੀ ਕੰਪਨੀ ਵੱਲੋਂ ਸਿਰਫ਼ ਇੱਕ ਦਿਨ ਲਈ ਹੀ ਨਾਮਾਤਰ ਮੁਰੰਮਤ ਦੇ ਕੰਮ ਕਰਵਾਏ ਗਏ ਜੋ ਕੁਝ ਹੀ ਦਿਨਾਂ ’ਚ ਮੁੜ ਉਸੇ ਹਾਲਤ ’ਚ ਤਬਦੀਲ ਹੋ ਗਏ।
ਉਨ੍ਹਾਂ ਕਿਹਾ ਕਿ ਇਸੇ ਕਾਰਨ ਅੱਜ ਇਲਾਕੇ ਦੇ ਲੋਕਾਂ ਲਈ ਕਾਲਾਝਾੜ ਟੋਲ ਪਲਾਜ਼ਾ ਨੂੰ ਪੂਰੇ ਦਿਨ ਲਈ ਸੰਕੇਤਕ ਤੌਰ ’ਤੇ ਬੰਦ ਕਰਵਾਇਆ ਗਿਆ ਸੀ। ਵਿਧਾਇਕ ਨੇ ਕਿਹਾ ਕਿ ਟੋਲ ਠੇਕੇਦਾਰਾਂ ਦੀਆਂ ਮਨਮਰਜ਼ੀਆਂ ਵਿਰੁੱਧ ਜਲਦ ਹੀ ਉਹ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਨਗੇ ਤਾਂ ਜੋ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਜਾ ਸਕੇ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਟੋਲ ਠੇਕੇਦਾਰਾਂ ਵੱਲੋਂ ਨਾ ਤਾਂ ਸਹੀ ਢੰਗ ਨਾਲ ਸੜਕ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਨਾ ਹੀ ਸ਼ਹਿਰਾਂ ਤੇ ਕਸਬਿਆਂ ’ਚ ਲਗਾਈਆਂ ਗਈਆਂ ਲਾਈਟਾਂ ਰਾਤ ਨੂੰ ਜਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੜਕ ਦੇ ਵਿਚਕਾਰ ਮੌਜੂਦ ਬੂਟਿਆਂ ਦੀ ਕਟਾਈ ਵੀ ਸਹੀ ਢੰਗ ਨਾਲ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਊਣਤਾਈਆਂ ਕਾਰਨ ਇਸ ਮਾਰਗ ’ਤੇ ਭਿਆਨਕ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਪਰ ਹੁਣ ਉਨ੍ਹਾਂ ਠਾਣ ਲਿਆ ਹੈ ਕਿ ਕਿਸੇ ਵੀ ਕੀਮਤ ’ਤੇ ਮਨੁੱਖੀ ਜਾਨਾਂ ਨੂੰ ਅਜਾਈਂ ਨਹੀਂ ਜਾਣ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h