Aman Arora: ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐਸਐਮਐਸ ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਈਲ ਫੋਨਾਂ ‘ਤੇ ਦੇਣੇ ਸ਼ੁਰੂ ਕਰ ਦਿੱਤੇ ਹਨ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ। ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ ‘ਤੇ ਐਸਐਮਐਸ ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ‘ਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ।
ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ।
Governance Reforms & Grievances Minister @AroraAmanSunam informed that Govt. has started delivery of 16 certificates directly on mobile phones of citizens via SMS & citizens won’t need to visit any office/Sewa Kendras for it and all the offices will accept the certificate. pic.twitter.com/biUMxQ0C0K
— Government of Punjab (@PunjabGovtIndia) April 24, 2023
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫਿਕੇਟ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫ਼ੋਨਾਂ ‘ਤੇ ਐਸ.ਐਮ.ਐਸ. ਜ਼ਰੀਏ 16 ਤਰ੍ਹਾਂ ਦੇ ਸਰਟੀਫਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ।
ਈ-ਸੇਵਾ ਪੋਰਟਲ ‘ਤੇ 430 ਤੋਂ ਵੱਧ ਸੇਵਾਵਾਂ ਉਪਲਬਧ
ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈਪੱਤਰਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ, ਐਸ.ਐਮ.ਓ. ਦਫ਼ਤਰ, ਈ.ਓ.ਐਮ.ਸੀ. ਦਫ਼ਤਰ, ਡੀ.ਐਸ.ਐਸ.ਓ. ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹਨ।
ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਈ-ਸੇਵਾ ਪੋਰਟਲ ਲਈ ਹੋਰ ਵਿਭਾਗਾਂ ਨੂੰ ਸਿਖਲਾਈ ਦੇਣ, ਨਿਗਰਾਨੀ ਕਰਨ ਅਤੇ ਸਹਾਇਤਾ ਕਰਨ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਜ਼ਿਲ੍ਹਾ ਆਈ.ਟੀ. ਮੈਨੇਜਰ, ਸਹਾਇਕ ਜ਼ਿਲ੍ਹਾ ਆਈ.ਟੀ. ਮੈਨੇਜਰ ਤਾਇਨਾਤ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h